- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਸਰਗਰਮ, ਲੰਬਿਤ ਮਾਮਲਿਆਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ ਲੰਬਿਤ ਮਾਮਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ ਗਿਆ। ਮੀਟਿੰਗ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਵਪਾਰੀਆਂ ਨੂੰ ਆਪਣੇ ਕਾਰੋਬਾਰ ਨਾਲ ਸਬੰਧਤ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਗੇੜੇ ਨਾ ਲਾਉਣੇ ਪੈਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਮਿਲੇ ਅਤੇ ਸਰਕਾਰੀ ਪੱਧਰ ’ਤੇ ਆਉਣ ਵਾਲੀਆਂ ਮੁਸ਼ਕਲਾਂ ਨੂੰ ਬਿਨਾਂ ਦੇਰੀ ਦੂਰ ਕੀਤਾ ਜਾਵੇ। ਕੇਸ਼ਵ ਗੋਇਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਜ਼ਿਲ੍ਹਾ ਪੱਧਰ ’ਤੇ ਨਿਪਟਾਏ ਜਾ ਸਕਦੇ ਹਨ, ਉਨ੍ਹਾਂ ਨੂੰ ਬਿਨਾਂ ਦੇਰੀ ਹੱਲ ਕੀਤਾ ਜਾਵੇ। ਜੇਕਰ ਕਿਸੇ ਸ਼ਿਕਾਇਤ ਦੇ ਨਿਪਟਾਰੇ ਲਈ ਉੱਚ ਅਧਿਕਾਰੀਆਂ ਦੀ ਦਖ਼ਲਅੰਦਾਜ਼ੀ ਦੀ ਲੋੜ ਹੋਵੇ ਤਾਂ ਉਸ ਨੂੰ ਸਬੰਧਤ ਪੱਧਰ ’ਤੇ ਭੇਜ ਕੇ ਕਾਰਵਾਈ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਿਕਾਇਤਾਂ ਨੂੰ ਲੰਬੇ ਸਮੇਂ ਤੱਕ ਲਟਕਾਉਣ ਦੀ ਬਜਾਏ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਮੀਟਿੰਗ ਦੌਰਾਨ ਨਗਰ ਕੌਂਸਲ, ਪਾਵਰਕਾਮ, ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕੰਮਕਾਜ ਬਾਰੇ ਵੀ ਧਿਆਨ ਦਿਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਇੱਕ ਵਿਭਾਗ ਨਾਲ ਸਬੰਧਤ ਮਾਮਲੇ ਕਾਰਨ ਦੂਜੇ ਵਿਭਾਗ ਦਾ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਮਿਲ ਸਕਣ। ਸ਼ਹਿਰੀ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਟਰੀਟ ਲਾਈਟਾਂ ਦੇ ਸੁਚੱਜੇ ਪ੍ਰਬੰਧ, ਸਫ਼ਾਈ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੋਣੀ ਚਾਹੀਦੀ ਹੈ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਕੇ ਉਨ੍ਹਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਐਸਡੀਐਮ ਕੋਟਕਪੂਰਾ ਰਜਿੰਦਰ ਸਿੰਘ, ਵਪਾਰ ਮੰਡਲ ਦੇ ਚੇਅਰਮੈਨ ਨਰੇਸ਼ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।