- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੜੇਮਾਰੀ ਪੀੜਤ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ : ਧਰਮਜੀਤ ਰਾਮੇਆਣਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ: ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ ਨੇ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਕੁਦਰਤੀ ਆਫ਼ਤ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਸਰਕਾਰ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਆਪਣੀਆਂ ਫ਼ਸਲਾਂ ਨੂੰ ਬੱਚਿਆਂ ਵਾਂਗ ਪਾਲਦੇ ਹਨ। ਫ਼ਸਲ ਤਿਆਰ ਕਰਨ ਲਈ ਕਿਸਾਨਾਂ ਨੂੰ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਮਜ਼ਦੂਰੀ ’ਤੇ ਵੱਡੀ ਰਕਮ ਖ਼ਰਚ ਕਰਨੀ ਪੈਂਦੀ ਹੈ। ਅਜਿਹੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਣਾ ਕਿਸਾਨਾਂ ਲਈ ਵੱਡੀ ਆਰਥਿਕ ਸੱਟ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਜੁੜਿਆ ਇਹ ਨੁਕਸਾਨ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕਤਾ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਔਖੀ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਕੱਲੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਅਤੇ ਬੇਮੌਸਮੀ ਬਾਰਿਸ਼ ਨਾਲ ਪ੍ਰਭਾਵਿਤ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਗਿਰਦਾਵਰੀ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਪੂਰੀ ਕੀਤੀ ਜਾਵੇ, ਤਾਂ ਜੋ ਕੋਈ ਵੀ ਯੋਗ ਕਿਸਾਨ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਭਰੋਸਾ ਦਿਵਾਇਆ ਕਿ ਫ਼ਸਲਾਂ ਦੇ ਨੁਕਸਾਨ ਦੀ ਰਿਪੋਰਟ ਅਤੇ ਗਿਰਦਾਵਰੀ ਦੇ ਆਧਾਰ ’ਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਯਤਨ ਕੀਤੇ ਜਾਣਗੇ।