- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਯਾਦਗਾਰੀ ਦਿਵਸ: ਫ਼ਰੀਦਕੋਟ ਪੁਲਿਸ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਜਗਮੀਤ ਸਿੰਘ ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਪੁਲਿਸ ਵੱਲੋਂ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨ ਵਿਖੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਦੇਸ਼ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਡਿਊਟੀ ਨਿਭਾਉਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐੱਸਐੱਸਪੀ ਗੁਰਬੰਸ ਸਿੰਘ ਬੈਂਸ ਅਤੇ ਐੱਸਡੀਐੱਮ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਹਾਜ਼ਰ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ 21 ਅਕਤੂਬਰ ਦਾ ਦਿਨ ਉਨ੍ਹਾਂ ਬਹਾਦਰ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਲੋਕਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਅਤੇ ਫ਼ਰਜ਼ ਪ੍ਰਤੀ ਸਮਰਪਣ ਦੀ ਭਾਵਨਾ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਜਵਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਹਰ ਵਿਅਕਤੀ ਨੂੰ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣੇ ਚਾਹੀਦੇ ਹਨ। ਸ਼ਹੀਦਾਂ ਵੱਲੋਂ ਦੇਸ਼ ਦੀ ਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਦਿੱਤਾ ਗਿਆ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸਮੁੱਚੇ ਪੁਲਿਸ ਵਿਭਾਗ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀ ਬਹਾਦਰੀ, ਹੌਸਲੇ ਅਤੇ ਡਿਊਟੀ ਪ੍ਰਤੀ ਨਿਸ਼ਠਾ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਹੋਰ ਵਧੇਰੇ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਸਮਾਗਮ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਲੋਕਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ ਦੀ ਮਜ਼ਬੂਤੀ ਅਤੇ ਦੇਸ਼ ਦੀ ਸੇਵਾ ਲਈ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਸ਼ਹੀਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਯੋਗ ਹੱਲ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।