- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਭਲਾਈ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕੈਂਪ ਦੀਆਂ ਤਿਆਰੀਆਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਕੇਸ਼ਵ ਗੋਇਲ ਨੇ ਕਿਹਾ ਕਿ ਬਜ਼ੁਰਗ ਸਮਾਜ ਦੀ ਅਨਮੋਲ ਧਰੋਹਰ ਹਨ। ਉਨ੍ਹਾਂ ਦੇ ਜੀਵਨ ਤਜਰਬੇ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਨਜ਼ਰੀਏ ਤੋਂ ਨੌਜਵਾਨ ਪੀੜ੍ਹੀ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਦੇਖਭਾਲ ਕਰਨਾ ਸਿਰਫ਼ ਪਰਿਵਾਰ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜਰਬਿਆਂ ਅਤੇ ਜੀਵਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਵੀ ਇਸ ਮੁਹਿੰਮ ਦਾ ਅਹਿਮ ਮਕਸਦ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਬਜ਼ੁਰਗਾਂ ਦੀ ਸਹੂਲਤ, ਸਿਹਤ ਸੰਭਾਲ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇ। ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਵੱਲੋਂ ਆਪਣੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਬਜ਼ੁਰਗਾਂ ਨੂੰ ਸਰਕਾਰੀ ਯੋਜਨਾਵਾਂ ਤੇ ਸੇਵਾਵਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕੈਂਪ ਵਿੱਚ ਪਹੁੰਚਣ ਵਾਲੇ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੰਘ ਸਿੱਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।