- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
25 ਅਕਤੂਬਰ ਨੂੰ ਕੋਟਕਪੂਰਾ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਡਾ. ਜਤਿੰਦਰ ਸਿੰਘ ਸ਼ੰਟੀ 25 ਅਕਤੂਬਰ ਨੂੰ ਕੋਟਕਪੂਰਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨਗੇ। ਇਸ ਦੌਰੇ ਦੌਰਾਨ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ। ਦੌਰੇ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਡਾ. ਜਤਿੰਦਰ ਸਿੰਘ ਸ਼ੰਟੀ 25 ਅਕਤੂਬਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਫ਼ਰੀਦਕੋਟ ਰੋਡ, ਕੋਟਕਪੂਰਾ ਸਥਿਤ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਹੋਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ। ਉਨ੍ਹਾਂ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ, ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਨਿਭਾਉਣ ਅਤੇ ਦੌਰੇ ਨਾਲ ਸਬੰਧਤ ਤਿਆਰੀਆਂ ਦੀ ਨਿਰੰਤਰ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਰਕਾਰੀ ਸਹੂਲਤਾਂ ਲੋੜਵੰਦਾਂ ਤੱਕ ਪਹੁੰਚਾਉਣਾ ਵੀ ਪ੍ਰਸ਼ਾਸਨਿਕ ਕਾਰਜਾਂ ਦਾ ਅਹਿਮ ਹਿੱਸਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ, ਐੱਸਡੀਐੱਮ ਜੈਤੋ ਵਿਕਰਮਜੀਤ, ਡੀਆਈਓ ਗੁਰਜਿੰਦਰ ਸਿੰਘ, ਈਓ ਅੰਮ੍ਰਿਤ ਲਾਲ, ਰਜਿੰਦਰ ਦਾਸ ਰਿੰਕੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।