- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
25 ਅਕਤੂਬਰ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ: ਜ਼ਿਲ੍ਹੇ ਵਿੱਚ ਵੋਟਰ ਸੂਚੀ ਨੂੰ ਹੋਰ ਸੁਚੱਜਾ ਬਣਾਉਣ ਅਤੇ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ 25 ਅਕਤੂਬਰ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਨਵੀਂ ਵੋਟ ਬਣਵਾਉਣ ਜਾਂ ਵੇਰਵਿਆਂ ਵਿੱਚ ਸੋਧ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰ (ਬੀਐੱਲਓ) ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਕਰਨ, ਨਵੀਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਹੋਰ ਲੋੜੀਂਦੀਆਂ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਐਸਆਈਆਰ ਤਹਿਤ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਦੀ ਜਾਂਚ ਲਈ ਵਿਧਾਨ ਸਭਾ ਹਲਕਿਆਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੋਟਰ ਸੂਚੀ ਵਿੱਚ ਨਾਮ ਦਰਜ ਹੋਣ ਤੋਂ ਰਹਿ ਗਏ ਯੋਗ ਨਾਗਰਿਕਾਂ ਅਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਦੀ ਸਹੂਲਤ ਦੇਣਾ ਹੈ। ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਪ੍ਰਵਾਸੀ ਭਾਰਤੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6-ਏ ਅਤੇ ਵੋਟਰ ਸੂਚੀ ਵਿੱਚ ਨਾਮ ਜਾਂ ਹੋਰ ਵੇਰਵਿਆਂ ਦੀ ਸੋਧ ਲਈ ਫਾਰਮ ਨੰਬਰ 8 ਭਰੇ ਜਾ ਸਕਣਗੇ। ਰਾਹੁਲ ਚਾਬਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ 19 ਤੋਂ 31 ਅਕਤੂਬਰ, 2026 ਤੱਕ ਬਿਰਧ ਆਸ਼ਰਮਾਂ, ਕੋੜ੍ਹ ਆਸ਼ਰਮਾਂ, ਸਕੂਲਾਂ ਅਤੇ ਕਾਲਜਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਅਜਿਹੇ ਯੋਗ ਨਾਗਰਿਕਾਂ ਅਤੇ ਨੌਜਵਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਕਿਸੇ ਕਾਰਨ ਕਰਕੇ ਅਜੇ ਤੱਕ ਵੋਟ ਨਹੀਂ ਬਣ ਸਕੀ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਜਾ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ। ਜੇਕਰ ਨਾਮ ਦਰਜ ਨਹੀਂ ਹੈ ਜਾਂ ਵੇਰਵਿਆਂ ਵਿੱਚ ਕੋਈ ਤਬਦੀਲੀ ਕਰਵਾਉਣ ਦੀ ਲੋੜ ਹੈ ਤਾਂ ਨਿਰਧਾਰਤ ਫਾਰਮ ਭਰ ਕੇ ਅਰਜ਼ੀ ਦੇਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।