ਫਰੀਦਕੋਟ ਦੀਆਂ ਮੰਡੀਆਂ ’ਚ 1.26 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਫਰੀਦਕੋਟ ਦੀਆਂ ਮੰਡੀਆਂ ਵਿੱਚ 1.26 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ
Publish Date: Wed, 21 Oct 2026 06:17 PM (IST)
Updated Date: Wed, 21 Oct 2026 06:18 PM (IST)
ਵਿਧਾਇਕ ਸੇਖੋਂ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਗਮੀਤ ਸਿੰਘ ਪੰਜਾਬੀ ਜਾਗਰਣ, ਫਰੀਦਕੋਟ : ਝੋਨੇ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀਤੀ ਰਾਤ ਦਾਣਾ ਮੰਡੀ ਫਰੀਦਕੋਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਖਰੀਦ, ਫ਼ਸਲ ਦੀ ਚੁਕਾਈ ਅਤੇ ਅਦਾਇਗੀ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,26,522 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਦਕਿ ਮੰਡੀਆਂ ਵਿੱਚ ਕੁੱਲ ਆਮਦ 1,34,193 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਵਿਧਾਇਕ ਸੇਖੋਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਨੁਸਾਰ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਫ਼ਸਲ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਜ਼ਰੂਰ ਕਰਵਾਉਣ। ਖਰੀਦ ਲਈ ਝੋਨੇ ਵਿੱਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਵੀ ਅਪੀਲ ਕੀਤੀ, ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਹੱਦ ਅੰਦਰ ਰਹੇ ਅਤੇ ਖਰੀਦ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਆਵੇ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 1,34,193 ਮੀਟ੍ਰਿਕ ਟਨ ਝੋਨੇ ਵਿੱਚੋਂ 1,26,522 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਦੇ ਅੰਕੜਿਆਂ ਅਨੁਸਾਰ ਪਨਗਰੇਨ ਨੇ 47,308 ਮੀਟ੍ਰਿਕ ਟਨ, ਮਾਰਕਫੈੱਡ ਨੇ 40,167 ਮੀਟ੍ਰਿਕ ਟਨ, ਪਨਸਪ ਨੇ 22,488 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰਹਾਊਸ ਨੇ 14,731 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 1,827 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਇਸ ਮੌਕੇ ਨਗਰ ਕੌਂਸਲ ਫਰੀਦਕੋਟ ਦੇ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਅਹੂਜਾ, ਬਲਾਕ ਸੰਮਤੀ ਫਰੀਦਕੋਟ ਦੇ ਚੇਅਰਮੈਨ ਸਰਬਜੀਤ ਸਿੰਘ, ਹਲਕਾ ਕੋਆਰਡੀਨੇਟਰ ਟਰੇਡ ਵਿੰਗ ਗੁਰਪ੍ਰੀਤ ਸਿੰਘ ਸਿੱਧੂ, ਬਰਜਿੰਦਰ ਗਰਗ, ਅਸ਼ਵਨੀ ਬਾਂਸਲ, ਬਿੱਟੂ ਗਿੱਲ, ਨਵੀਨ ਅਰੋੜਾ, ਰੋਸ਼ਨ ਲਾਲ, ਕਾਕਾ ਵਰਮਾ, ਸਾਹਿਲ, ਰਾਜੂ ਜੈਨ, ਵਿਕਰਮ ਛਾਬੜਾ ਅਤੇ ਰਵੀ ਕੁਮਾਰ ਹਾਜ਼ਰ ਸਨ।