- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ’ਚ ਸਕੂਲਾਂ ਦੇ ਬਾਹਰ ਟ੍ਰੈਫਿਕ ਸਮੱਸਿਆ ਗੰਭੀਰ, ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਮੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਸਾਹਮਣੇ ਰੇਲਵੇ ਫਾਟਕ ਤੋਂ ਬੱਸ ਸਟੈਂਡ ਤੱਕ ਦੇ ਰਸਤੇ ’ਤੇ ਸਕੂਲਾਂ ਦੇ ਸਮੇਂ ਦੌਰਾਨ ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ. ਰਮਨਦੀਪ ਸਿੰਘ ਜੈਤੋ ਨੇ ਆਪਣੀ ਟੀਮ ਸਮੇਤ ਐੱਸਡੀਐੱਮ ਜੈਤੋ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਪ੍ਰਸ਼ਾਸਨ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ। ਡਾ. ਰਮਨਦੀਪ ਸਿੰਘ ਨੇ ਕਿਹਾ ਕਿ ਸਵੇਰੇ ਸਕੂਲ ਲੱਗਣ ਅਤੇ ਦੁਪਹਿਰ ਸਮੇਂ ਛੁੱਟੀ ਹੋਣ ਵੇਲੇ ਇਸ ਰਸਤੇ ’ਤੇ ਵਾਹਨਾਂ ਦੀ ਆਵਾਜਾਈ ਵਧ ਜਾਂਦੀ ਹੈ। ਇਸ ਦੇ ਨਾਲ ਹੀ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋਣ ਕਾਰਨ ਭਾਰੀ ਟਰੱਕਾਂ ਦੀ ਆਵਾਜਾਈ ਵਿੱਚ ਵੀ ਵਾਧਾ ਹੋਇਆ ਹੈ। ਅਜਿਹੇ ਹਾਲਾਤ ਵਿੱਚ ਸਕੂਲ ਆਉਣ-ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬਾਰ੍ਹਵੀਂ ਜਮਾਤ ਦੇ ਇੱਕ ਵਿਦਿਆਰਥੀ ਦੇ ਟਰੱਕ ਦੀ ਲਪੇਟ ਵਿੱਚ ਆਉਣ ਦੀ ਮੰਦਭਾਗੀ ਘਟਨਾ ਨੇ ਇਸ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਨੂੰ ਹੋਰ ਉਜਾਗਰ ਕੀਤਾ ਹੈ। ਜੇਕਰ ਸਕੂਲਾਂ ਦੇ ਸਮੇਂ ਦੌਰਾਨ ਟ੍ਰੈਫਿਕ ਨੂੰ ਨਿਯਮਤ ਕਰਨ ਲਈ ਢੁਕਵੇਂ ਪ੍ਰਬੰਧ ਨਾ ਕੀਤੇ ਗਏ ਤਾਂ ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿ ਸਕਦਾ ਹੈ। ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸਵੇਰੇ ਸਕੂਲਾਂ ਦੇ ਖੁੱਲ੍ਹਣ ਅਤੇ ਦੁਪਹਿਰ ਨੂੰ ਛੁੱਟੀ ਹੋਣ ਸਮੇਂ ਰੇਲਵੇ ਫਾਟਕ ਤੋਂ ਬੱਸ ਸਟੈਂਡ ਤੱਕ ਟ੍ਰੈਫਿਕ ਪੁਲਿਸ ਦੀ ਵਿਸ਼ੇਸ਼ ਡਿਊਟੀ ਲਗਾਈ ਜਾਵੇ। ਇਸ ਤੋਂ ਇਲਾਵਾ ਸਕੂਲਾਂ ਦੇ ਸਮੇਂ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਦੇ ਨਾਲ-ਨਾਲ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਕਾਰਵਾਈ ਕੀਤੇ ਜਾਣ ਨਾਲ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਘਟਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸ਼ਹਿਰੀ ਮੰਡਲ ਪ੍ਰਧਾਨ ਵਿਕਾਸ ਗੋਇਲ (ਏਵੀ ਇੰਡਸਟਰੀਜ਼), ਵਾਈਸ ਪ੍ਰਧਾਨ ਸਤੀਸ਼ ਪੀਰੀ, ਨੌਜਵਾਨ ਵੈਲਫੇਅਰ ਪ੍ਰਧਾਨ ਨਵਨੀਤ ਗੋਇਲ ਅਤੇ ਯੁਵਾ ਮੋਰਚਾ ਪ੍ਰਧਾਨ ਪਾਰਸ ਸ਼ਰਮਾ ਵੀ ਹਾਜ਼ਰ ਸਨ।