- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਾਵਾਂ ਤੇ ਬਹਿਬਲ ਕਲਾਂ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਸ਼ੁਰੂ, ਕਿਸਾਨਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਝੋਨੇ ਦੀ ਸਰਕਾਰੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਪ੍ਰਬੰਧ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਪਿੰਡ ਸਰਾਵਾਂ ਅਤੇ ਬਹਿਬਲ ਕਲਾਂ ਦੀਆਂ ਦਾਣਾ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਪਹੁੰਚੇ ਝੋਨੇ ਦੀ ਬੋਲੀ ਲਗਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਕੀਤਾ। ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਛਾਂ, ਰੌਸ਼ਨੀ, ਸਫ਼ਾਈ ਅਤੇ ਬਾਰਦਾਨੇ ਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਚੇਅਰਮੈਨ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਫ਼ਸਲ ਦੀ ਖਰੀਦ ਤੋਂ ਬਾਅਦ ਸਮੇਂ ਸਿਰ ਲਿਫਟਿੰਗ ਕਰਵਾਉਣ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗਾਂ ਵਿਚਕਾਰ ਤਾਲਮੇਲ ਬਣਾਈ ਰੱਖਣਾ ਜ਼ਰੂਰੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ। ਇਸ ਮੌਕੇ ਦੋਵਾਂ ਪਿੰਡਾਂ ਦੇ ਸਰਪੰਚ, ਆਮ ਆਦਮੀ ਪਾਰਟੀ ਦੇ ਵਰਕਰ, ਇਲਾਕੇ ਦੇ ਕਿਸਾਨ, ਮਜ਼ਦੂਰ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਖਰੀਦ ਕਾਰਜ ਸ਼ੁਰੂ ਹੋਣ ’ਤੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਪ੍ਰਬੰਧਾਂ ਲਈ ਚੇਅਰਮੈਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।