- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਖ਼ਰਚਿਆਂ ਨੂੰ ਘਟਾਉਣ ਲਈ ਬਾਬਾ ਫ਼ਰੀਦ ਯੂਨੀਵਰਸਿਟੀ ’ਚ ਸੂਰਜੀ ਊਰਜਾ ਪ੍ਰਾਜੈਕਟ ਸਥਾਪਤ ਕਰਨ ’ਤੇ ਚਰਚਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ: ਸਰਕਾਰੀ ਸੰਸਥਾਵਾਂ ਦੇ ਬਿਜਲੀ ਖ਼ਰਚਿਆਂ ਨੂੰ ਘਟਾਉਣ ਅਤੇ ਸਾਫ਼ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਵਿੱਚ ਸੂਰਜੀ ਊਰਜਾ ਪ੍ਰਣਾਲੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਯੂਨੀਵਰਸਿਟੀ ਦਾ ਦੌਰਾ ਕਰਕੇ ਵਾਈਸ ਚਾਂਸਲਰ ਡਾ. ਰਾਜਿੰਦਰ ਬਾਂਸਲ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਵੱਖ-ਵੱਖ ਕੈਂਪਸਾਂ ਅਤੇ ਇਮਾਰਤਾਂ ਵਿੱਚ ਸੋਲਰ ਪੈਨਲ ਲਗਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਪਹਿਲਕਦਮੀ ਤਹਿਤ ਸੂਰਜੀ ਊਰਜਾ ਦੀ ਵਰਤੋਂ ਕਰਕੇ ਬਿਜਲੀ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਸੰਸਥਾ ਦੇ ਹਰ ਮਹੀਨੇ ਆਉਣ ਵਾਲੇ ਬਿਜਲੀ ਦੇ ਬਿੱਲਾਂ ’ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਦੇ ਤਰੀਕਿਆਂ ’ਤੇ ਚਰਚਾ ਹੋਈ। ਅਧਿਕਾਰੀਆਂ ਨੇ ਸੂਰਜੀ ਊਰਜਾ ਪ੍ਰਾਜੈਕਟ ਨੂੰ ਲਾਗੂ ਕਰਨ ਲਈ ਲੋੜੀਂਦੀਆਂ ਤਕਨੀਕੀ ਅਤੇ ਪ੍ਰਬੰਧਕੀ ਸੰਭਾਵਨਾਵਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਅਜਿਹੇ ਪ੍ਰਾਜੈਕਟ ਰਾਹੀਂ ਲੰਬੇ ਸਮੇਂ ਵਿੱਚ ਬਿਜਲੀ ਦੀ ਬੱਚਤ ਕਰਨ, ਰਵਾਇਤੀ ਊਰਜਾ ਸਰੋਤਾਂ ’ਤੇ ਨਿਰਭਰਤਾ ਘਟਾਉਣ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਰਗੇ ਪਹਿਲੂਆਂ ’ਤੇ ਵੀ ਵਿਚਾਰ ਕੀਤਾ ਗਿਆ। ਸੂਰਜੀ ਊਰਜਾ ਦੀ ਵਰਤੋਂ ਨੂੰ ਵਧਾਉਣਾ ਸਰਕਾਰੀ ਸੰਸਥਾਵਾਂ ਲਈ ਆਰਥਿਕ ਬੱਚਤ ਦੇ ਨਾਲ-ਨਾਲ ਵਾਤਾਵਰਣ ਪੱਖੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਯੂਨੀਵਰਸਿਟੀ ਵਰਗੀ ਵੱਡੀ ਸੰਸਥਾ ਵਿੱਚ ਇਸ ਪ੍ਰਣਾਲੀ ਦੀ ਸਥਾਪਨਾ ਨਾਲ ਬਿਜਲੀ ਦੀ ਲੋੜ ਦਾ ਕੁਝ ਹਿੱਸਾ ਸਾਫ਼ ਊਰਜਾ ਰਾਹੀਂ ਪੂਰਾ ਕਰਨ ਦੀ ਸੰਭਾਵਨਾ ਬਣ ਸਕਦੀ ਹੈ। ਮੀਟਿੰਗ ਵਿੱਚ ਯੂਨੀਵਰਸਿਟੀ ਦੇ ਮੈਡੀਕਲ ਸੁਪਰਡੈਂਟ, ਰਜਿਸਟਰਾਰ, ਐਸਡੀਓ ਅਤੇ ਪੇਡਾ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਪ੍ਰਾਜੈਕਟ ਦੀ ਯੋਜਨਾਬੰਦੀ ਅਤੇ ਇਸ ਨੂੰ ਅਮਲੀ ਰੂਪ ਦੇਣ ਲਈ ਅਗਲੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।