- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ : ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਚੋਣ ਵਿਭਾਗ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਫਰੀਦਕੋਟ ਅਤੇ ਕੋਟਕਪੂਰਾ ਹਲਕਿਆਂ ਦੇ 22 ਪੋਲਿੰਗ ਸਟੇਸ਼ਨਾਂ ਦੇ ਨਾਂ ਜਾਂ ਇਮਾਰਤਾਂ ਵਿੱਚ ਤਬਦੀਲੀ ਦੀ ਤਜਵੀਜ਼ ਤਿਆਰ ਕੀਤੀ ਗਈ ਹੈ, ਜਦਕਿ ਜ਼ਿਲ੍ਹੇ ਵਿੱਚ ਇਨ੍ਹਾਂ ਦੀ ਕੁੱਲ ਗਿਣਤੀ 553 ਹੀ ਰਹੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਇਸ ਤਜਵੀਜ਼ ’ਤੇ ਸਹਿਮਤੀ ਪ੍ਰਗਟਾਈ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ-2026 ਦੌਰਾਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ 511 ਤੋਂ ਵਧਾ ਕੇ 553 ਕੀਤੀ ਗਈ ਸੀ। ਹੁਣ ਹਲਕਾ 087 ਫਰੀਦਕੋਟ ਦੇ 14 ਪੋਲਿੰਗ ਸਟੇਸ਼ਨਾਂ ਦੇ ਨਾਂ ਅਤੇ ਛੇ ਦੀਆਂ ਇਮਾਰਤਾਂ ਬਦਲਣ ਦੀ ਤਜਵੀਜ਼ ਹੈ। ਹਲਕਾ 088 ਕੋਟਕਪੂਰਾ ਦੇ ਦੋ ਪੋਲਿੰਗ ਸਟੇਸ਼ਨਾਂ ਦੇ ਨਾਂ ਬਦਲੇ ਜਾਣਗੇ, ਜਦਕਿ ਹਲਕਾ 089 ਜੈਤੋ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਕੋਈ ਨਵਾਂ ਪੋਲਿੰਗ ਸਟੇਸ਼ਨ ਬਣਾਉਣ ਦਾ ਪ੍ਰਸਤਾਵ ਵੀ ਨਹੀਂ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਤਜਵੀਜ਼ ’ਤੇ ਇਤਰਾਜ਼ ਨਾ ਕਰਦਿਆਂ ਇਸ ਨੂੰ ਪ੍ਰਵਾਨਗੀ ਲਈ ਭੇਜਣ ਦੀ ਸਹਿਮਤੀ ਦਿੱਤੀ। ਵਿਸ਼ੇਸ਼ ਸਰਸਰੀ ਸੁਧਾਈ ਲਈ ਯੋਗਤਾ ਮਿਤੀ 1 ਜਨਵਰੀ 2027 ਨਿਰਧਾਰਤ ਕੀਤੀ ਗਈ ਹੈ। ਮੁੱਢਲੀ ਵੋਟਰ ਸੂਚੀ 12 ਨਵੰਬਰ 2026 ਨੂੰ ਪ੍ਰਕਾਸ਼ਿਤ ਹੋਵੇਗੀ। ਦਾਅਵੇ ਅਤੇ ਇਤਰਾਜ਼ 11 ਦਸੰਬਰ ਤੱਕ ਦਰਜ ਕਰਵਾਏ ਜਾ ਸਕਣਗੇ ਅਤੇ ਇਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਜਾਰੀ ਹੋਵੇਗੀ। ਵੋਟਰਾਂ ਦੀ ਸਹੂਲਤ ਲਈ 24 ਅਕਤੂਬਰ, 14, 15 ਅਤੇ 29 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਅਤੇ ਵੇਰਵਿਆਂ ਵਿੱਚ ਸੋਧ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 12 ਨਵੰਬਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਮੁੱਢਲੀ ਜਾਂਚ ਕੀਤੀ ਜਾਵੇਗੀ। ਰਾਹੁਲ ਚਾਬਾ ਨੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ। ਕਿਸੇ ਵੀ ਸਹਾਇਤਾ ਲਈ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਮੁਫ਼ਤ ਸਹਾਇਤਾ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਪੂਨਮ ਸਿੱਧੂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।