- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਮਾਮਲੇ ’ਚ ਇਨਸਾਫ਼ ਲਈ 27 ਨੂੰ ਐੱਸਐੱਸਪੀ ਦਫ਼ਤਰ ਦਾ ਘਿਰਾਓ

ਸ਼ਿਵ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ: ਫਰੀਦਕੋਟ ਦੇ ਨਿਊ ਮਾਡਲ ਸਕੂਲ ਵਿੱਚ ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਸਾਹਮਣੇ ਆਏ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫਰੀਦਕੋਟ ਦੇ ਰੈਸਟ ਹਾਊਸ ਵਿੱਚ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਨਾਬਾਲਗ ਜਬਰ-ਜਨਾਹ ਵਿਰੋਧੀ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਨੇ ਫ਼ੈਸਲਾ ਕੀਤਾ ਕਿ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਨੂੰ ਲੈ ਕੇ 27 ਅਕਤੂਬਰ ਨੂੰ ਐੱਸਐੱਸਪੀ ਫਰੀਦਕੋਟ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿੱਚ ਆਗੂਆਂ ਨੇ ਦੋਸ਼ ਲਾਇਆ ਕਿ ਬੱਚੀ ਨਾਲ ਵਾਪਰੀ ਗੰਭੀਰ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਉਸ ਉੱਤੇ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਰਿਵਾਰ ਨੂੰ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਰਾਹੀਂ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਨਿਆਂ ਪ੍ਰਣਾਲੀ ਉੱਤੇ ਭਰੋਸਾ ਦਿਵਾਉਣਾ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਐਕਸ਼ਨ ਕਮੇਟੀ ਨੇ ਮੰਗ ਕੀਤੀ ਕਿ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਵਿਰੁੱਧ ਪੋਕਸੋ ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਆਗੂਆਂ ਨੇ ਪੀੜਤ ਪਰਿਵਾਰ ਨੂੰ ਕਥਿਤ ਤੌਰ ’ਤੇ ਮਿਲ ਰਹੀਆਂ ਧਮਕੀਆਂ ਅਤੇ ਮਾਨਸਿਕ ਦਬਾਅ ਦਾ ਹਵਾਲਾ ਦਿੰਦਿਆਂ ਪਰਿਵਾਰ ਨੂੰ ਤੁਰੰਤ 24 ਘੰਟੇ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ। ਜਥੇਬੰਦੀਆਂ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇ ਅਤੇ ਕੇਸ ਦੀ ਸੁਣਵਾਈ ਤੇਜ਼ੀ ਨਾਲ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਪੀੜਤ ਬੱਚੀ ਨੂੰ ਇਨਸਾਫ਼ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਕਥਿਤ ਅਣਗਹਿਲੀ ਅਤੇ ਘਟਨਾ ਨੂੰ ਲੁਕਾਉਣ ਦੇ ਲੱਗ ਰਹੇ ਦੋਸ਼ਾਂ ਦੀ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਸਕੂਲ ਪ੍ਰਬੰਧਕਾਂ ਜਾਂ ਕਿਸੇ ਜ਼ਿੰਮੇਵਾਰ ਅਧਿਕਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਨਿੱਕੀ ਉਮਰ ਦੀ ਬੱਚੀ ਨਾਲ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ ਹੈ ਅਤੇ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਐਕਸ਼ਨ ਕਮੇਟੀ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਵਿਚਾਰ ਮੰਚ ਫਰੀਦਕੋਟ ਸਮੇਤ ਹੋਰ ਜਥੇਬੰਦੀਆਂ ਸ਼ਾਮਲ ਹਨ। ਸੰਘਰਸ਼ ਕਮੇਟੀ ਦੇ ਆਗੂ ਹਰਵੀਰ ਗੰਧੜ, ਰਜਿੰਦਰ ਦੀਪ ਸਿੰਘ ਵਾਲਾ, ਨੌਨਿਹਾਲ ਸਿੰਘ, ਕੁਲਦੀਪ ਸ਼ਰਮਾ, ਜਸਪਾਲ ਨੰਗਲ, ਐਡਵੋਕੇਟ ਕਰਨਵੀਰ ਭੁੱਲਰ, ਸ਼ੰਕਰ ਸ਼ਰਮਾ, ਅਮਨਦੀਪ ਸਿੰਘ, ਵੀਰਇੰਦਰ ਪੁਰੀ, ਜਤਿੰਦਰ ਸ਼ਰਮਾ, ਜਸਨੀਤ ਸਿੰਘ ਅਤੇ ਸੁਖਬੀਰ ਕੋਠੇ ਹਜ਼ੂਰਾ ਨੇ ਕਿਹਾ ਕਿ 27 ਅਕਤੂਬਰ ਨੂੰ ਐੱਸਐੱਸਪੀ ਦਫ਼ਤਰ ਦੇ ਘਿਰਾਓ ਦੌਰਾਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਉਠਾਈ ਜਾਵੇਗੀ।