- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਤੋਂ ਪਹਿਲਾਂ ਸਿਹਤ ਵਿਭਾਗ ਦੀ ਕਾਰਵਾਈ, ਫਰੀਦਕੋਟ ’ਚ 40 ਕਿਲੋ ਪਨੀਰ ਜ਼ਬਤ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ: ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁੱਧ ਅਤੇ ਇਸ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਖੁਰਾਕੀ ਵਸਤਾਂ ਦੀ ਗੁਣਵੱਤਾ ਜਾਂਚਣ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਫਰੀਦਕੋਟ ਵਿੱਚ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ 40 ਕਿਲੋ ਪਨੀਰ ਜ਼ਬਤ ਕਰਕੇ ਉਸ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਸ ਕਾਰਵਾਈ ਵਿੱਚ ਫੂਡ ਸੇਫਟੀ ਅਫ਼ਸਰ ਨਵਦੀਪ ਚਾਹਲ ਅਤੇ ਤਿਰਲੋਕ ਸਿੰਘ ਸ਼ਾਮਲ ਸਨ। ਵਿਭਾਗ ਵੱਲੋਂ ਪਨੀਰ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਹਾਲਾਂਕਿ, ਜਾਂਚ ਰਿਪੋਰਟ ਆਉਣ ਤੋਂ ਪਹਿਲਾਂ ਪਨੀਰ ਦੀ ਗੁਣਵੱਤਾ ਸਬੰਧੀ ਕੋਈ ਅੰਤਿਮ ਨਤੀਜਾ ਸਾਹਮਣੇ ਨਹੀਂ ਆਇਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਤਿਉਹਾਰਾਂ ਦੌਰਾਨ ਮਠਿਆਈਆਂ, ਪਨੀਰ ਅਤੇ ਹੋਰ ਦੁੱਧ ਤੋਂ ਬਣੀਆਂ ਵਸਤਾਂ ਦੀ ਖਪਤ ਵਧ ਜਾਂਦੀ ਹੈ। ਅਜਿਹੇ ਸਮੇਂ ਖੁਰਾਕੀ ਵਸਤਾਂ ਦੀ ਗੁਣਵੱਤਾ ’ਤੇ ਨਜ਼ਰ ਰੱਖਣਾ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣਾ ਜ਼ਰੂਰੀ ਹੈ। ਇਸ ਮਕਸਦ ਨਾਲ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਖੁਰਾਕੀ ਵਸਤਾਂ ਬਾਰੇ ਮਿਲਣ ਵਾਲੀਆਂ ਸੂਚਨਾਵਾਂ ਦੇ ਆਧਾਰ ’ਤੇ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪਨੀਰ ਦੇ ਸੈਂਪਲਾਂ ਦੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਖੁਰਾਕੀ ਵਸਤਾਂ ਦੇ ਕਾਰੋਬਾਰੀਆਂ ਨੂੰ ਸਾਫ਼-ਸਫ਼ਾਈ ਬਣਾਈ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਵਿਭਾਗ ਨੇ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਮੌਕੇ ’ਤੇ ਦੁੱਧ ਤੋਂ ਬਣੀਆਂ ਵਸਤਾਂ ਅਤੇ ਹੋਰ ਖੁਰਾਕੀ ਸਮੱਗਰੀ ਖਰੀਦਣ ਸਮੇਂ ਸਾਵਧਾਨੀ ਵਰਤਣ। ਜੇਕਰ ਕਿਸੇ ਖੁਰਾਕੀ ਵਸਤੂ ਦੀ ਗੁਣਵੱਤਾ ਬਾਰੇ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਸਿਹਤ ਵਿਭਾਗ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੀ ਜਾਂਚ ਅਤੇ ਕਾਰਵਾਈ ਕੀਤੀ ਜਾ ਸਕੇ।