- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ : ਅਰਸ਼ ਸੱਚਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਅਰਸ਼ ਸੱਚਰ ਨੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ, ਲਿਫਟਿੰਗ, ਕਿਸਾਨਾਂ ਨੂੰ ਅਦਾਇਗੀ ਅਤੇ ਮੰਡੀ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨ ਦਾ ਭਰੋਸਾ ਦਿੱਤਾ। ਅਰਸ਼ ਸੱਚਰ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਝੋਨੇ ਦੀ ਖਰੀਦ ਵਿੱਚ ਦੇਰੀ, ਫ਼ਸਲ ਦੀ ਲਿਫਟਿੰਗ, ਨਮੀ ਦੀ ਜਾਂਚ ਅਤੇ ਅਦਾਇਗੀ ਸਮੇਤ ਮੰਡੀ ਪ੍ਰਬੰਧਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਛੇ ਮਹੀਨੇ ਦੀ ਮਿਹਨਤ ਨਾਲ ਫ਼ਸਲ ਤਿਆਰ ਕਰਦਾ ਹੈ ਅਤੇ ਮੰਡੀ ਵਿੱਚ ਪਹੁੰਚਣ ਤੋਂ ਬਾਅਦ ਉਸ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਹੀਂ ਕਰਨੀ ਪੈਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਵੱਲ ਵੀ ਧਿਆਨ ਦੇਣਾ ਲਾਜ਼ਮੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਮੰਡੀਆਂ ਦੇ ਦੌਰਿਆਂ ਦੌਰਾਨ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਬੰਧਤ ਖਰੀਦ ਏਜੰਸੀਆਂ, ਖੁਰਾਕ ਤੇ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਜਿਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਸੰਭਵ ਹੋਵੇਗਾ, ਉਨ੍ਹਾਂ ਸਬੰਧੀ ਮੌਕੇ ’ਤੇ ਹੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ, ਜਦਕਿ ਹੋਰ ਮਾਮਲਿਆਂ ਦੀ ਪ੍ਰਗਤੀ ਬਾਰੇ ਲਗਾਤਾਰ ਜਾਣਕਾਰੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਮੰਡੀਆਂ ਦਾ ਦੌਰਾ ਕਰਨਾ ਜਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਾ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਲਗਾਤਾਰ ਪੈਰਵੀ ਕਰਨਾ ਹੈ। ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਵੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਰੱਖਿਆ ਜਾਵੇਗਾ। ਅਰਸ਼ ਸੱਚਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਹਲਕਾ ਫ਼ਰੀਦਕੋਟ ਦੀਆਂ ਅਨਾਜ ਮੰਡੀਆਂ ਨਾਲ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਲੋੜ ਅਨੁਸਾਰ ਮੁੜ ਦੌਰੇ ਕਰਕੇ ਪਹਿਲਾਂ ਸਾਹਮਣੇ ਆਏ ਮਸਲਿਆਂ ’ਤੇ ਹੋਈ ਕਾਰਵਾਈ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਇਜ਼ ਸਮੱਸਿਆ ਆਉਣ ’ਤੇ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਸ ਦੇ ਹੱਲ ਲਈ ਯਤਨ ਕੀਤੇ ਜਾ ਸਕਣ।