- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਦੀਆਂ ਮੰਡੀਆਂ ’ਚ 1.89 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ 366.70 ਕਰੋੜ ਦੀ ਅਦਾਇਗੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 1,97,264 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਸੀ, ਜਿਸ ਵਿੱਚੋਂ 1,89,422 ਮੀਟਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸ ਤਰ੍ਹਾਂ ਮੰਡੀਆਂ ਵਿੱਚ ਪਹੁੰਚੇ ਝੋਨੇ ਦਾ 96 ਫ਼ੀਸਦੀ ਤੋਂ ਵੱਧ ਹਿੱਸਾ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ ਹੁਣ ਤੱਕ 366.70 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਖ਼ਰੀਦ ਏਜੰਸੀਆਂ ਦੇ ਅੰਕੜਿਆਂ ਅਨੁਸਾਰ ਪਨਗ੍ਰੇਨ ਵੱਲੋਂ ਸਭ ਤੋਂ ਵੱਧ 70,542 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਬਾਅਦ ਮਾਰਕਫੈੱਡ ਨੇ 59,910.25 ਮੀਟਰਕ ਟਨ, ਪਨਸਪ ਨੇ 34,381.58 ਮੀਟਰਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 22,546 ਮੀਟਰਕ ਟਨ ਝੋਨਾ ਖ਼ਰੀਦਿਆ ਹੈ। ਇਸ ਤੋਂ ਇਲਾਵਾ ਨਿੱਜੀ ਵਪਾਰੀਆਂ ਵੱਲੋਂ 2,042 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਅੰਕੜਿਆਂ ਮੁਤਾਬਕ ਪਨਗ੍ਰੇਨ ਅਤੇ ਮਾਰਕਫੈੱਡ ਨੇ ਮਿਲ ਕੇ ਹੁਣ ਤੱਕ ਖ਼ਰੀਦੇ ਗਏ ਝੋਨੇ ਦਾ ਲਗਭਗ 69 ਫ਼ੀਸਦੀ ਹਿੱਸਾ ਖ਼ਰੀਦਿਆ ਹੈ। ਇਸ ਨਾਲ ਜ਼ਿਲ੍ਹੇ ਵਿੱਚ ਸਰਕਾਰੀ ਖ਼ਰੀਦ ਏਜੰਸੀਆਂ ਦੀ ਅਹਿਮ ਭੂਮਿਕਾ ਸਾਹਮਣੇ ਆਉਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਸਿੱਧਾ ਮਾੜਾ ਅਸਰ ਲੋਕਾਂ ਦੀ ਸਿਹਤ ’ਤੇ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੇ ਆਲੇ-ਦੁਆਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਲਈ ਕਿਹਾ ਗਿਆ ਹੈ, ਤਾਂ ਜੋ ਫ਼ਸਲ ਦੀ ਖ਼ਰੀਦ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਡੀਸੀ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।