- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਜ਼ਿਲ੍ਹੇ ਦੇ 13 ਡਰੱਗ ਹੌਟਸਪੌਟਾਂ ’ਤੇ ਪੁਲਿਸ ਦੀ ਦਸਤਕ, 200 ਮੁਲਾਜ਼ਮਾਂ ਨੇ ਚਲਾਇਆ ਸਰਚ ਆਪਰੇਸ਼ਨ

200 ਪੁਲਿਸ ਕਰਮਚਾਰੀਆਂ ਨੇ ਚਲਾਇਆ ਸਰਚ ਆਪ੍ਰੇਸ਼ਨ, ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ
ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੀ ਸਪਲਾਈ ਚੇਨ ਤੋੜਨ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਫ਼ਰੀਦਕੋਟ ਪੁਲਿਸ ਵੱਲੋਂ ਸ਼ਨੀਵਾਰ ਤੜਕਸਾਰ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪਰੇਸ਼ਨ (ਕਾਸੋ) ਚਲਾਇਆ ਗਿਆ। ਸਵੇਰੇ 6 ਵਜੇ ਸ਼ੁਰੂ ਹੋਏ ਇਸ ਵਿਸ਼ੇਸ਼ ਅਭਿਆਨ ਤਹਿਤ ਜ਼ਿਲ੍ਹੇ ਦੇ 13 ਡਰੱਗ ਹੌਟਸਪੌਟ ਇਲਾਕਿਆਂ ਵਿੱਚ ਪੁਲਿਸ ਟੀਮਾਂ ਨੇ ਘੇਰਾਬੰਦੀ ਕਰਕੇ ਸ਼ੱਕੀ ਠਿਕਾਣਿਆਂ ਦੀ ਜਾਂਚ ਕੀਤੀ। ਇਸ ਦੌਰਾਨ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਟੀਮਾਂ ਵਿੱਚ ਸ਼ਾਮਲ ਹੋ ਕੇ ਕਾਰਵਾਈ ਨੂੰ ਅੰਜਾਮ ਦਿੱਤਾ। ਫ਼ਰੀਦਕੋਟ ਸ਼ਹਿਰ ਦੇ ਦਸ਼ਮੇਸ਼ ਨਗਰ ਦੀ ਗਲੀ ਨੰਬਰ ਇਕ, ਟੀਚਰ ਕਾਲੋਨੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਵਿਸ਼ੇਸ਼ ਤੌਰ ’ਤੇ ਸਰਚ ਆਪਰੇਸ਼ਨ ਚਲਾਇਆ ਗਿਆ। ਪੁਲਿਸ ਵੱਲੋਂ ਪਹਿਲਾਂ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਵਾਲੇ ਵਿਅਕਤੀਆਂ ਅਤੇ ਅਪਰਾਧਿਕ ਪਿਛੋਕੜ ਵਾਲੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਗਈ ਅਤੇ ਇਲਾਕਿਆਂ ਦੇ ਅੰਦਰ-ਬਾਹਰ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਆਵਾਜਾਈ ਦੀ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਗਈ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੂਨ, ਜੁਲਾਈ, ਅਗਸਤ ਅਤੇ ਸਤੰਬਰ 2026 ਦੌਰਾਨ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ 599 ਮੁਕੱਦਮੇ ਦਰਜ ਕਰਕੇ 867 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ ਪੁਲਿਸ ਨੇ 82 ਕਿਲੋ 750 ਗ੍ਰਾਮ ਹੈਰੋਇਨ, 79 ਕਿਲੋ ਪੋਸਤ, 12,891 ਨਸ਼ੀਲੀਆਂ ਗੋਲੀਆਂ, 2 ਕਿਲੋ 287 ਗ੍ਰਾਮ ਅਫ਼ੀਮ ਅਤੇ ਲਗਭਗ 76 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੱਕ ਹੀ ਕਾਰਵਾਈ ਸੀਮਤ ਨਹੀਂ ਰੱਖੀ ਜਾ ਰਹੀ, ਸਗੋਂ ਨਸ਼ੇ ਦੀ ਸਪਲਾਈ ਨਾਲ ਜੁੜੇ ਪਿਛਲੇ ਅਤੇ ਅਗਲੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਨਸ਼ਾ ਤਸਕਰਾਂ ਦੀ ਕਰੋੜਾਂ ਦੀ ਜਾਇਦਾਦ ਫਰੀਜ਼
ਐਸਐਸਪੀ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜਾਇਦਾਦ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਮਿਲਣ ਉਪਰੰਤ ਫਰੀਜ਼ ਕੀਤੀ ਗਈ ਹੈ। ਪੁਲਿਸ ਦਾ ਉਦੇਸ਼ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗ਼ੈਰ-ਕਾਨੂੰਨੀ ਜਾਇਦਾਦ ਨੂੰ ਨਿਸ਼ਾਨਾ ਬਣਾਉਂਦਿਆਂ ਤਸਕਰਾਂ ਦੇ ਆਰਥਿਕ ਨੈੱਟਵਰਕ ਨੂੰ ਕਮਜ਼ੋਰ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਲਤ ਤੋਂ ਪੀੜਤ ਲੋਕਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਸਾਲ 2026 ਦੌਰਾਨ ਹੁਣ ਤੱਕ 541 ਨਸ਼ਾ ਪੀੜਤ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ 280 ਤੋਂ ਵੱਧ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ।
ਸੇਫ ਪੰਜਾਬ ਹੈਲਪਲਾਈਨ ’ਤੇ ਮਿਲੀਆਂ 1812 ਸ਼ਿਕਾਇਤਾਂ
ਨਸ਼ਾ ਤਸਕਰੀ ਦੀ ਸੂਚਨਾ ਦੇਣ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੇਫ ਪੰਜਾਬ ਹੈਲਪਲਾਈਨ ਦਾ ਜ਼ਿਕਰ ਕਰਦਿਆਂ ਐਸਐਸਪੀ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਕੁੱਲ 1812 ਦਰਖਾਸਤਾਂ ਦਿੱਤੀਆਂ ਗਈਆਂ। ਪੁਲਿਸ ਅਨੁਸਾਰ ਇਨ੍ਹਾਂ ਦੀ 100 ਫ਼ੀਸਦੀ ਤਸਦੀਕ ਕਰਨ ਤੋਂ ਬਾਅਦ 799 ਮੁਕੱਦਮੇ ਦਰਜ ਕਰਕੇ 1249 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ ਤਿੰਨ ਮਹੀਨਿਆਂ ਦੌਰਾਨ ਫ਼ਰੀਦਕੋਟ ਪੁਲਿਸ ਵੱਲੋਂ 19 ਪਿਸਤੌਲ ਅਤੇ ਇਕ ਪਾਈਪ ਗੰਨ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
---
ਕੋਟ
ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਲੋਕ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਭਰੋਸੇਯੋਗ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।
-ਐੱਸਐੱਸਪੀ ਗੁਰਬੰਸ ਸਿੰਘ ਬੈਂਸ।