- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ’ਚ ਕਿਸਾਨਾਂ ਦੀ ਸਿਖਲਾਈ ਲਈ ਬਣੇਗਾ ਆਧੁਨਿਕ ਹਾਲ, ਭੋਂ ਪਰਖ ਲੈਬ ਦਾ ਵੀ ਹੋਵੇਗਾ ਨਵੀਨੀਕਰਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੋ ਪ੍ਰਾਜੈਕਟਾਂ ਨੇ ਨੀਂਹ ਪੱਥਰ ਰੱਖੇ
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ: ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਮਿੱਟੀ ਦੀ ਸਿਹਤ ਅਤੇ ਖੇਤੀ ਉਤਪਾਦਾਂ ਦਾ ਵਧੇਰੇ ਮੁੱਲ ਹਾਸਲ ਕਰਨ ਸਬੰਧੀ ਜਾਣਕਾਰੀ ਦੇਣ ਲਈ ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਆਧੁਨਿਕ ਕਿਸਾਨ ਸਿਖਲਾਈ ਹਾਲ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭੋਂ ਪਰਖ ਪ੍ਰਯੋਗਸ਼ਾਲਾ ਦਾ ਨਵੀਨੀਕਰਨ ਅਤੇ ਨਵੇਂ ਹਾਲ ਦੀ ਉਸਾਰੀ ਵੀ ਕੀਤੀ ਜਾਵੇਗੀ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਨ੍ਹਾਂ ਤਿੰਨਾਂ ਕੰਮਾਂ ਨਾਲ ਸਬੰਧਤ ਉਸਾਰੀ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰਾਜੈਕਟਾਂ ’ਤੇ ਕਰੀਬ ਸਵਾ ਦੋ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਮੌਜੂਦ ਸਨ। ਸਮਾਗਮ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਿਰਫ਼ ਫ਼ਸਲਾਂ ਦਾ ਉਤਪਾਦਨ ਵਧਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਉਪਜ ਦੀ ਗੁਣਵੱਤਾ ਸੁਧਾਰਨ, ਸਹੀ ਸੰਭਾਲ, ਪ੍ਰੋਸੈਸਿੰਗ ਅਤੇ ਮੰਡੀਕਰਨ ਦੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਦੇਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਤੀ ਉਤਪਾਦਾਂ ਦਾ ਮੁੱਲ ਵਧਾਉਣ ਵਾਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਟੇਟ ਐਗਮਾਰਕ ਲੈਬ ਦੀ ਦੂਜੀ ਮੰਜ਼ਿਲ ’ਤੇ ਬਣਨ ਵਾਲਾ ਸਿਖਲਾਈ ਹਾਲ ਪ੍ਰੋਜੈਕਟਰ, ਆਵਾਜ਼ ਪ੍ਰਣਾਲੀ ਅਤੇ ਡਿਜੀਟਲ ਪਰਦਿਆਂ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਹਾਲ ਵਿੱਚ ਇੱਕ ਸਮੇਂ 100 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾ ਸਕੇਗੀ। ਇੱਥੇ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਲਈ ਸਿਖਲਾਈ ਪ੍ਰੋਗਰਾਮ, ਕਾਰਜਸ਼ਾਲਾਵਾਂ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਣਗੀਆਂ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਖੇਤੀਬਾੜੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਉਹ ਇਸ ਗਿਆਨ ਨੂੰ ਆਪਣੇ ਪਰਿਵਾਰਾਂ ਅਤੇ ਕਿਸਾਨਾਂ ਤੱਕ ਪਹੁੰਚਾ ਸਕਣ। ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਫ਼ਸਲਾਂ ਦੀਆਂ ਬਿਮਾਰੀਆਂ ਦੀ ਪਛਾਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਆਧੁਨਿਕ ਖੇਤੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨ ਅਤੇ ਬੇਲੋੜੇ ਖਰਚਿਆਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਸਮਾਗਮ ਦੌਰਾਨ ਸਹਾਇਕ ਮੰਡੀਕਰਨ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਨਗਰ ਕੌਂਸਲ ਦੇ ਪ੍ਰਧਾਨ ਬਲਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਸੁਰਜੀਤ ਸਿੰਘ ਮੱਲ, ਅਮਰਜੀਤ ਸਿੰਘ ਪਰਮਾਰ, ਬਲਾਕ ਸੰਮਤੀ ਦੇ ਚੇਅਰਮੈਨ ਸਰਬਜੀਤ ਸਿੰਘ ਬਰਾੜ, ਆਤਮਾ ਦੇ ਪ੍ਰਾਜੈਕਟ ਡਾਇਰੈਕਟਰ ਡਾ. ਅਮਨਦੀਪ ਕੇਸ਼ਵ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ। ਇਸ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਵਿੱਚ ਡਾ. ਮਨਿੰਦਰ ਸਿੰਘ ਸੰਧੂ, ਡਾ. ਕਰੁਣਾ, ਡਾ. ਜਸ਼ਨਪ੍ਰੀਤ ਕੌਰ, ਡਾ. ਪਰਮਪਾਲ ਸਿੰਘ, ਡਾ. ਵਿਕਰਮਜੀਤ ਸਿੰਘ, ਸਿਮਰਤਪਾਲ ਕੌਰ, ਡਾ. ਮਨਪ੍ਰੀਤ ਸਿੰਘ ਅਤੇ ਡਾ. ਗੁਰਿੰਦਰ ਛਾਬੜਾ ਨੇ ਅਹਿਮ ਭੂਮਿਕਾ ਨਿਭਾਈ।
ਮਿੱਟੀ ਦੀ ਜਾਂਚ ਨਾਲ ਘਟੇਗਾ ਖੇਤੀ ਖਰਚ
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਰਸਾਇਣਕ ਖਾਦਾਂ ਦੀ ਅਸੰਤੁਲਿਤ ਵਰਤੋਂ ਮਿੱਟੀ ਦੀ ਗੁਣਵੱਤਾ ਅਤੇ ਕੁਦਰਤੀ ਸੰਤੁਲਨ ’ਤੇ ਮਾੜਾ ਅਸਰ ਪਾ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਮਿੱਟੀ ਦੀ ਜਾਂਚ ਕਰਵਾਉਣ ਤੋਂ ਬਾਅਦ ਹੀ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੀ ਭੋਂ ਪਰਖ ਪ੍ਰਯੋਗਸ਼ਾਲਾ ਵਿੱਚ ਸਾਲਾਨਾ ਲਗਭਗ 10 ਹਜ਼ਾਰ ਮਿੱਟੀ ਦੇ ਨਮੂਨਿਆਂ ਦੀ ਜਾਂਚ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਾਂਚ ਰਾਹੀਂ ਕਿਸਾਨਾਂ ਨੂੰ ਜ਼ਮੀਨ ਵਿੱਚ ਮੌਜੂਦ ਪੌਸ਼ਟਿਕ ਤੱਤਾਂ ਦੀ ਘਾਟ ਜਾਂ ਵਾਧੂ ਮਾਤਰਾ ਬਾਰੇ ਜਾਣਕਾਰੀ ਮਿਲੇਗੀ। ਇਸ ਦੇ ਆਧਾਰ ’ਤੇ ਉਹ ਖਾਦਾਂ ਦੀ ਸਹੀ ਮਾਤਰਾ ਵਰਤ ਸਕਣਗੇ, ਜਿਸ ਨਾਲ ਖੇਤੀ ਲਾਗਤ ਘਟਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਪ੍ਰਯੋਗਸ਼ਾਲਾਵਾਂ ਅਤੇ ਮਾਹਿਰਾਂ ਦੀ ਸਲਾਹ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਖੇਤੀਬਾੜੀ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ’ਤੇ ਜ਼ੋਰ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਅਤੇ ਵਿਹਾਰਕ ਸਿਖਲਾਈ ਦੇਣ ਨਾਲ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟ ਕਿਸਾਨਾਂ ਅਤੇ ਵਿਭਾਗੀ ਅਮਲੇ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਖੇਤੀ ਉਤਪਾਦਾਂ ਦੀ ਗੁਣਵੱਤਾ ਅਤੇ ਮੰਡੀਕਰਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਸਿਖਲਾਈ ਹਾਲ ਦਾ ਨਿਰਮਾਣ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਰਾਹੀਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ, ਗੁਣਵੱਤਾ ਦੇ ਮਾਪਦੰਡਾਂ ਅਤੇ ਮੰਡੀਕਰਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਕਿਸਾਨਾਂ ਨੂੰ ਸਵੈ-ਰੁਜ਼ਗਾਰ ਅਤੇ ਉੱਦਮਸ਼ੀਲਤਾ ਦੇ ਮੌਕਿਆਂ ਨਾਲ ਜੋੜਨ ਵਿੱਚ ਵੀ ਮਦਦਗਾਰ ਸਾਬਤ ਹੋਵੇਗਾ।