- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਚਿੰਤਾਜਨਕ : ਮਨਤਾਰ ਬਰਾੜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੁੱਟ-ਖੋਹ, ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਵੀ ਹਮਲੇ ਹੋ ਰਹੇ ਹਨ, ਜੋ ਬੇਹੱਦ ਚਿੰਤਾਜਨਕ ਹੈ। ਨਸ਼ਿਆਂ ਦੀ ਸਮੱਸਿਆ ਪਹਿਲਾਂ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਪਰਿਵਾਰਾਂ ਨੂੰ ਵੱਡਾ ਨੁਕਸਾਨ ਪਹੁੰਚਾ ਚੁੱਕੀ ਹੈ। ਅਜਿਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਮੁਲਾਜ਼ਮਾਂ, ਕਿਸਾਨਾਂ ਅਤੇ ਹੋਰ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਬਜਾਏ ਲਾਠੀਚਾਰਜ ਦਾ ਸਹਾਰਾ ਲੈਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਅਤੇ ਆਪਸੀ ਸਹਿਮਤੀ ਨਾਲ ਕੀਤਾ ਜਾਣਾ ਚਾਹੀਦਾ ਹੈ। ਮਨਤਾਰ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਅਤੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨ ’ਤੇ ਪੰਜਾਬ ਦੇ ਨਾਲ-ਨਾਲ ਹਲਕਾ ਕੋਟਕਪੂਰਾ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।