- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਕਾਲਜ ਜੈਤੋ ਦੇ ਐੱਮ.ਏ. ਪੰਜਾਬੀ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੁਐਂਟ ਯੂਨੀਵਰਸਿਟੀ ਕਾਲਜ ਜੈਤੋ ਦੇ ਐੱਮ.ਏ. ਪੰਜਾਬੀ ਸਮੈਸਟਰ ਪਹਿਲੇ ਦਾ ਦਸੰਬਰ 2025 ਵਿੱਚ ਹੋਏ ਇਮਤਿਹਾਨ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਕਰਦਿਆਂ ਕਾਲਜ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਨਤੀਜੇ ਨਾਲ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀਆਂ ਵਿਦਿਅਕ ਪ੍ਰਾਪਤੀਆਂ ਵਿੱਚ ਹੋਰ ਵਾਧਾ ਹੋਇਆ ਹੈ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਵਿਭਾਗ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਹੱਦ ਉਤਸ਼ਾਹਜਨਕ ਰਿਹਾ ਹੈ। ਵਿਦਿਆਰਥੀਆਂ ਨੇ ਪੜ੍ਹਾਈ ਪ੍ਰਤੀ ਆਪਣੀ ਗੰਭੀਰਤਾ ਅਤੇ ਲਗਾਤਾਰ ਮਿਹਨਤ ਦਾ ਸਬੂਤ ਦਿੰਦਿਆਂ ਵਧੀਆ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸੁਚੱਜੇ ਮਾਰਗਦਰਸ਼ਨ ਦਾ ਵੀ ਨਤੀਜਾ ਹਨ। ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਨਤੀਜੇ ਵਿੱਚ ਜਗਸੀਰ ਸਿੰਘ ਬਰਾੜ ਨੇ 9.6 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਮਨਦੀਪ ਕੌਰ ਨੇ 8.4 ਐੱਸ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਿਮਰਨ ਕੌਰ, ਪੂਨਮ ਅਤੇ ਜਸ਼ਨਪਦੀਪ ਕੌਰ ਨੇ 8.2 ਐੱਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਨੂੰ ਵਿਭਾਗ ਲਈ ਮਾਣ ਵਾਲੀ ਗੱਲ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਨਤੀਜੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਡਾ. ਪਰਮਿੰਦਰ ਸਿੰਘ ਤੱਗੜ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦਾ ਅਧਿਐਨ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਸਾਹਿਤਕ ਸਮਝ ਨੂੰ ਵੀ ਵਿਸ਼ਾਲ ਕਰਦਾ ਹੈ। ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਅਕਾਦਮਿਕ ਤੇ ਸਾਹਿਤਕ ਰੁਚੀਆਂ ਨੂੰ ਨਿਖਾਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ ਨੇ ਇਸ ਸ਼ਾਨਦਾਰ ਨਤੀਜੇ ਲਈ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਸਮੇਤ ਪ੍ਰੋ. ਰੁਪਿੰਦਰ ਪਾਲ ਸਿੰਘ, ਡਾ. ਗੁਰਬਿੰਦਰ ਕੌਰ, ਪ੍ਰੋ. ਜਗਸੀਰ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਜਸਵਿੰਦਰ ਕੌਰ ਅਤੇ ਪ੍ਰੋ. ਗੁਰਜੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨਗੇ ਅਤੇ ਪੰਜਾਬੀ ਭਾਸ਼ਾ ਤੇ ਸਾਹਿਤ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।