- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸਵ. ਜਗਜੀਤ ਸਿੰਘ ਯਾਦਗਾਰੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਸਵ. ਜਗਜੀਤ ਸਿੰਘ ਯਾਦਗਾਰੀ ਧਰਮਸ਼ਾਲਾ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ’ਤੇ 25 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਕਾਰਜ ਕਰਵਾਏ ਜਾ ਰਹੇ ਹਨ। ਧਰਮਸ਼ਾਲਾਵਾਂ ਪਿੰਡਾਂ ਦੀ ਸਮਾਜਿਕ ਅਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਵਿਆਹ-ਸ਼ਾਦੀਆਂ, ਧਾਰਮਿਕ ਸਮਾਗਮਾਂ ਅਤੇ ਹੋਰ ਪਰਿਵਾਰਕ ਤੇ ਸਮਾਜਿਕ ਸਮਾਗਮਾਂ ਲਈ ਸਾਂਝੀ ਥਾਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿੰਡ ਦੀ ਲੋੜ ਨੂੰ ਪੂਰਾ ਕਰਨ ਲਈ ਧਰਮਸ਼ਾਲਾ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ ਕਰਵਾਉਂਦਿਆਂ ਉਨ੍ਹਾਂ ਨੂੰ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਦੇ ਆਧਾਰ ’ਤੇ ਤਰਜੀਹੀ ਤੌਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਿੱਚ ਰਹਿੰਦੇ ਹੋਰ ਵਿਕਾਸ ਕਾਰਜ ਵੀ ਜਲਦ ਪੂਰੇ ਕਰਵਾਏ ਜਾਣਗੇ। ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਸਮੇਤ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਬਣਾਇਆ ਗਿਆ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਪੰਚ ਹਰਪ੍ਰੀਤ ਸਿੰਘ, ਰਾਜ ਸਿੰਘ, ਪਲਵਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਤਾਪ ਸਿੰਘ, ਸ਼ਮਿੰਦਰ ਕੌਰ, ਮਨਪ੍ਰੀਤ ਕੌਰ, ਸੁਖਜਿੰਦਰ ਕੌਰ ਗਿੱਲ, ਮਨਜੀਤ ਕੌਰ ਧਾਲੀਵਾਲ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।