- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਂਹ ਤੇ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਪੁੱਜੇ ਬੀਬੀ ਸਨਦੀਪ ਕੌਰ ਖ਼ਾਲਸਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਧਰਮਪਤਨੀ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਧਾਨ ਸਭਾ ਹਲਕਾ ਜੈਤੋ ਦੀ ਇੰਚਾਰਜ ਬੀਬੀ ਸਨਦੀਪ ਕੌਰ ਖ਼ਾਲਸਾ ਨੇ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਖੇਤਾਂ ਵਿੱਚ ਪਹੁੰਚ ਕੇ ਨੁਕਸਾਨੀਆਂ ਫ਼ਸਲਾਂ ਦਾ ਮੁਆਇਨਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਤੋਂ ਪੀੜਤ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਬੀਬੀ ਸਨਦੀਪ ਕੌਰ ਖ਼ਾਲਸਾ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਉਨ੍ਹਾਂ ਦੇ ਦੁੱਖ-ਦਰਦ ਵਿੱਚ ਸਾਥ ਦੇਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਤੂਫ਼ਾਨ ਨੇ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਨੂੰ ਭਾਰੀ ਸੱਟ ਮਾਰੀ ਹੈ। ਕਿਸਾਨ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਹੋਰ ਖੇਤੀ ਲਾਗਤਾਂ ’ਤੇ ਵੱਡੀ ਰਕਮ ਖ਼ਰਚ ਕਰਕੇ ਫ਼ਸਲ ਤਿਆਰ ਕਰਦੇ ਹਨ। ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਨਾਲ ਕਿਸਾਨਾਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਅਸਰ ਉਨ੍ਹਾਂ ਦੇ ਪੂਰੇ ਪਰਿਵਾਰ ’ਤੇ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਫ਼ਸਲਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰੇ ਅਤੇ ਕਿਸਾਨਾਂ ਨੂੰ ਬਿਨਾਂ ਦੇਰੀ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਨੂੰ ਸਿਰਫ਼ ਭਰੋਸਿਆਂ ਦੀ ਨਹੀਂ, ਸਗੋਂ ਠੋਸ ਰਾਹਤ ਅਤੇ ਸਮੇਂ ਸਿਰ ਆਰਥਿਕ ਸਹਾਇਤਾ ਦੀ ਲੋੜ ਹੈ। ਇਸ ਦੌਰਾਨ ਬੀਬੀ ਸਨਦੀਪ ਕੌਰ ਖ਼ਾਲਸਾ ਨੇ ਇਲਾਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ਼ਰੀਦ ਪ੍ਰਕਿਰਿਆ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਤੁਲਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ਼ਤਿਹਾਰਬਾਜ਼ੀ ਦੀ ਬਜਾਏ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਵੇ। ਬੀਬੀ ਸਨਦੀਪ ਕੌਰ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕਰਕੇ ਸੂਬੇ ਦੀ ਤਰੱਕੀ ਸੰਭਵ ਨਹੀਂ। ਸਰਕਾਰ ਨੂੰ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਬਣਦੀ ਰਾਹਤ ਦੇਣ ਲਈ ਪਹਿਲ ਦੇ ਆਧਾਰ ’ਤੇ ਕਦਮ ਚੁੱਕਣੇ ਚਾਹੀਦੇ ਹਨ।