ਪਰਵਿੰਦਰ ਝੋਟਾ ਮਾਮਲੇ ’ਚ ਝਾੜੂ ਫੂਕ ਕੇ ਕੀਤਾ ਪ੍ਰਦਰਸ਼ਨ ਝੋਟਾ ਮਾਮਲੇ ’ਚ ਇਨਸਾਫ਼ ਲਈ ਫ਼ਰੀਦਕੋਟ ’ਚ ਰੋਸ ਪ੍ਰਦਰਸ਼ਨ, ਝਾੜੂ ਫੂਕ ਕੇ ਸਰਕਾਰ ਖ਼ਿਲਾਫ਼ ਜਤਾਇਆ ਗੁੱਸਾ
Publish Date: Sun, 25 Oct 2026 05:25 PM (IST)
Updated Date: Sun, 25 Oct 2026 05:28 PM (IST)
ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ, ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਉਠਾਈ ਆਵਾਜ਼ ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਫ਼ਰੀਦਕੋਟ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਐਕਸ਼ਨ ਕਮੇਟੀ ਦੇ ਸੱਦੇ ’ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਅੱਗ ਲਗਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਜ਼ਾਹਰ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਐਕਸ਼ਨ ਕਮੇਟੀ ਦੀਆਂ ਬਾਕੀ ਮੰਗਾਂ ਵੀ ਤੁਰੰਤ ਮੰਨੀਆਂ ਜਾਣ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸ਼ਰਨਜੀਤ ਸਿੰਘ ਸਰਾਂ ਅਤੇ ਗੁਰਸੇਵਕ ਸਿੰਘ ਭਾਣਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਿਰਫ਼ ਕਿਸੇ ਕੈਮਿਸਟ ਨਾਲ ਜੁੜੇ ਵਿਵਾਦ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਸ ਪਿੱਛੇ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਸਮੇਤ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਸਲ ਸੱਚਾਈ ਲੋਕਾਂ ਸਾਹਮਣੇ ਆ ਸਕੇ। ਆਗੂਆਂ ਨੇ ਕਿਹਾ ਕਿ ਪਰਿਵਾਰ ਦੀ ਮੰਗ ਅਨੁਸਾਰ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਸ਼ੁਰੂ ਕੀਤੀ ਗਈ ਹੈ, ਪਰ ਐਕਸ਼ਨ ਕਮੇਟੀ ਦੀਆਂ ਹੋਰ ਮੰਗਾਂ ਪ੍ਰਤੀ ਪੰਜਾਬ ਸਰਕਾਰ ਦਾ ਰਵੱਈਆ ਸੰਤੋਸ਼ਜਨਕ ਨਹੀਂ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰ ਨਸ਼ਿਆਂ ਵਿਰੁੱਧ ਜੰਗ ਲੜਨ ਲਈ ਗੰਭੀਰ ਹੈ ਤਾਂ ਸੂਬੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪ੍ਰਭਾਵਸ਼ਾਲੀ ਰੋਕ ਕਿਉਂ ਨਹੀਂ ਲੱਗ ਰਹੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਿਆਸੀ ਸਰਪ੍ਰਸਤੀ ਮਿਲਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ ਅਤੇ ਇਸ ਗੰਭੀਰ ਸਮੱਸਿਆ ਨੂੰ ਖ਼ਤਮ ਕਰਨ ਲਈ ਪੁਲਿਸ ਤੇ ਪ੍ਰਸ਼ਾਸਨ ਨੂੰ ਸਖ਼ਤ ਅਤੇ ਨਿਰਪੱਖ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਜਵਾਬਦੇਹੀ ਤੈਅ ਕਰਨਾ ਅਤੇ ਇਸ ਧੰਦੇ ਨੂੰ ਚਲਾਉਣ ਵਾਲੇ ਪੂਰੇ ਨੈੱਟਵਰਕ ਦੀ ਜਾਂਚ ਕਰਨਾ ਸਮੇਂ ਦੀ ਮੁੱਖ ਲੋੜ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਅਤੇ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਲੋਕਾਂ ਦੀ ਆਵਾਜ਼ ਨੂੰ ਅਣਗੌਲਿਆ ਕਰਨ ਦੀ ਬਜਾਏ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣ।