- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿੱਚ ਬਣਾਏ 15 ਮੈਂਬਰੀ ਕੋਰ ਗਰੁੱਪ : ਜਤਿੰਦਰ ਸਿੰਘ ਸ਼ੰਟੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ। ਉਹ ਬਾਬਾ ਫ਼ਰੀਦ ਨਰਸਿੰਗ ਕਾਲਜ, ਫ਼ਰੀਦਕੋਟ ਰੋਡ, ਕੋਟਕਪੂਰਾ ਵਿਖੇ ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਸੰਬੋਧਨ ਕਰ ਰਹੇ ਸਨ। ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਸੰਵਿਧਾਨ ਵੱਲੋਂ ਹਰ ਨਾਗਰਿਕ ਨੂੰ ਦਿੱਤੇ ਮੌਲਿਕ ਅਧਿਕਾਰਾਂ ਦੀ ਸੁਰੱਖਿਆ ਕਰਨਾ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਇਸ ਮਕਸਦ ਲਈ ਬਣਾਏ ਗਏ ਕੋਰ ਗਰੁੱਪਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਪੀੜਤਾਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਈਆਂ ਜਾ ਸਕਣ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਯਤਨ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮ੍ਰਿਤਕ ਦੇਹ ਰੋਕਣ ਅਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਬਾਰੇ ਹਦਾਇਤਾਂ ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਹਸਪਤਾਲ ਮਰੀਜ਼ ਦੀ ਮੌਤ ਤੋਂ ਬਾਅਦ ਬਿੱਲ ਦੀ ਅਦਾਇਗੀ ਨਾ ਹੋਣ ਕਾਰਨ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕਦੇ। ਅਜਿਹੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਪੁਲਿਸ ਕੇਸ ਵੀ ਦਰਜ ਹੋ ਸਕਦਾ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਜਾਰੀ ਹਦਾਇਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਠੇਕੇਦਾਰਾਂ ਲਈ ਸਫ਼ਾਈ ਕਰਮਚਾਰੀਆਂ ਨੂੰ ਦਸਤਾਨੇ, ਕੱਪੜੇ, ਮਾਸਕ ਅਤੇ ਬੀਮੇ ਦੀ ਸਹੂਲਤ ਮੁਹੱਈਆ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਬੂਲੈਂਸ ਪਾਇਲਟ ਪ੍ਰਾਜੈਕਟ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਜਨਤਕ ਸੁਣਵਾਈ ਦੌਰਾਨ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ, ਐੱਸਡੀਐੱਮ ਜੈਤੋ ਵਿਕਰਮਜੀਤ ਸਿੰਘ, ਡੀਆਰਓ ਲਵਪ੍ਰੀਤ ਕੌਰ, ਐੱਸਪੀ ਨਰਿੰਦਰ ਸਿੰਘ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਕੋਰ ਕਮੇਟੀ ਦੇ ਪ੍ਰਧਾਨ ਰਜਿੰਦਰ ਦਾਸ ਸਿੰਘ ਰਿੰਕੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।