- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮਿਲੇਗੀ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਪੰਜਾਬ ਸਰਕਾਰ ਵੱਲੋਂ ਤਸਦੀਕਸ਼ੁਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਫੂਡ ਸਕਿਊਰਟੀ ਐਂਡ ਨਿਊਟਰੀਸ਼ਨ ਮਿਸ਼ਨ ਸਕੀਮ ਤਹਿਤ ਹਾੜੀ 2026-27 ਲਈ ਕਣਕ ਦੀਆਂ ਵੱਖ-ਵੱਖ ਕਿਸਮਾਂ ਦਾ ਬੀਜ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਘਟਾ ਕੇ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਤਸਦੀਕਸ਼ੁਦਾ ਬੀਜ ਦੀ ਖਰੀਦ ’ਤੇ 2,000 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਬੀਜ ਖਰੀਦਣ ਸਮੇਂ ਹੀ ਨਿਰਧਾਰਤ ਸਹਾਇਤਾ ਰਾਸ਼ੀ ਦਾ ਲਾਭ ਮਿਲੇਗਾ, ਜਿਸ ਨਾਲ ਬੀਜ ਦੀ ਖਰੀਦ ’ਤੇ ਆਉਣ ਵਾਲਾ ਖਰਚ ਘਟੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਇੱਕ ਕਿਸਾਨ ਵੱਧ ਤੋਂ ਵੱਧ ਇੱਕ ਹੈਕਟੇਅਰ ਰਕਬੇ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ, ਸਬਸਿਡੀ ਦਾ ਲਾਭ ਲੈਣ ਲਈ ਕਿਸਾਨ ਦਾ ਆਧਾਰ ਨੰਬਰ ਪਹਿਲਾਂ ਕਿਸੇ ਵੀ ਸਾਲ ਕਣਕ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਵਿਕਰੀ ਲਈ ਅਨਾਜ ਖਰੀਦ ਪੋਰਟਲ ’ਤੇ ਰਜਿਸਟਰਡ ਹੋਣਾ ਲਾਜ਼ਮੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਬੀਜ ਦੀ ਵੰਡ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਨਿਰਧਾਰਤ ਟੀਚੇ ਅਨੁਸਾਰ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਬੀਜ ਦੀ ਉਪਲਬਧਤਾ ਬਾਰੇ ਜਾਣਕਾਰੀ ਲੈਣ ਅਤੇ ਸਮੇਂ ਸਿਰ ਇਸ ਯੋਜਨਾ ਦਾ ਲਾਭ ਉਠਾਉਣ। ਸਬਸਿਡੀ ਵਾਲਾ ਬੀਜ ਲੈਣ ਲਈ ਕਿਸਾਨ ਆਪਣੇ ਆਧਾਰ ਕਾਰਡ ਅਤੇ ਆਧਾਰ ਨਾਲ ਜੁੜੇ ਮੋਬਾਈਲ ਨੰਬਰ ’ਤੇ ਪ੍ਰਾਪਤ ਹੋਣ ਵਾਲੇ ਓਟੀਪੀ ਰਾਹੀਂ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਪਿੰਡ ਦੇ ਸਬੰਧਤ ਸਰਕਲ ਇੰਚਾਰਜ ਜਾਂ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। *ਸੰਪਰਕ ਨੰਬਰ:* ਬਲਾਕ ਫ਼ਰੀਦਕੋਟ ਦੇ ਕਿਸਾਨ 98153-90876 ਅਤੇ 80549-46025 ’ਤੇ, ਜਦਕਿ ਬਲਾਕ ਕੋਟਕਪੂਰਾ ਦੇ ਕਿਸਾਨ 84279-61600 ਅਤੇ 99157-96855 ’ਤੇ ਸੰਪਰਕ ਕਰ ਸਕਦੇ ਹਨ।