- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਦੀਆਂ 9 ਅਨਾਜ ਮੰਡੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਰਸ਼ ਸੱਚਰ ਨੇ ਡਿਪਟੀ ਕਮਿਸ਼ਨਰ ਨੂੰ ਭੇਜੀ ਰਿਪੋਰਟ*

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਰਸ਼ ਸੱਚਰ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਮਾਮਲਾ ਉਠਾਇਆ ਹੈ। ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀਆਂ ਨੌਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸਥਾਰਪੂਰਵਕ ਰਿਪੋਰਟ ਭੇਜ ਕੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਹੈ। ਅਰਸ਼ ਸੱਚਰ ਅਨੁਸਾਰ ਫ਼ਰੀਦਕੋਟ, ਦੀਪ ਸਿੰਘ ਵਾਲਾ, ਸ਼ੇਰ ਸਿੰਘ ਵਾਲਾ, ਡੋਡ, ਮਚਾਕੀ ਕਲਾਂ, ਭਾਗਥਲਾ, ਪਹਿਲੂਵਾਲਾ, ਹਰਦਿਆਲੇਆਣਾ ਅਤੇ ਗੋਲੇਵਾਲਾ ਦੀਆਂ ਮੰਡੀਆਂ ਵਿੱਚ ਮੁੱਢਲੀਆਂ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਸਬੰਧੀ ਕਈ ਕਮੀਆਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ, ਰੌਸ਼ਨੀ, ਸਫ਼ਾਈ, ਪੱਕੇ ਫੜ੍ਹਾਂ ਅਤੇ ਬਿਜਲੀ ਦੇ ਪ੍ਰਬੰਧਾਂ ਵਿੱਚ ਸੁਧਾਰ ਦੀ ਲੋੜ ਸ਼ਾਮਲ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਆਰਜ਼ੀ ਪ੍ਰਬੰਧਾਂ ਲਈ ਕੀਤੇ ਗਏ ਟੈਂਡਰਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਸਰਕਾਰੀ ਖਰਚੇ ਦੇ ਅਨੁਸਾਰ ਜਿਹੜੀਆਂ ਸਹੂਲਤਾਂ ਦੇਣੀਆਂ ਨਿਰਧਾਰਤ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਅਸਲ ਸਥਿਤੀ ਦਾ ਮੌਕੇ ’ਤੇ ਜਾਇਜ਼ਾ ਲੈ ਕੇ ਜਵਾਬਦੇਹੀ ਤੈਅ ਕੀਤੀ ਜਾਵੇ। ਝੋਨੇ ਦੀ ਲਿਫਟਿੰਗ ਨੂੰ ਸੁਚਾਰੂ ਬਣਾਉਣ ਲਈ ਅਰਸ਼ ਸੱਚਰ ਨੇ ਸੁਝਾਅ ਦਿੱਤਾ ਕਿ ਸਰਕਾਰੀ ਨੀਤੀ ਅਤੇ ਨਿਯਮਾਂ ਅਨੁਸਾਰ ਸੰਭਵ ਹੋਣ ’ਤੇ ਇੱਕ ਮੰਡੀ ਨੂੰ ਦੋ ਜਾਂ ਤਿੰਨ ਯੋਗ ਸ਼ੈਲਰਾਂ ਨਾਲ ਜੋੜਨ ਦੀ ਸੰਭਾਵਨਾ ’ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਝੋਨੇ ਦੀ ਚੁਕਾਈ ਵਿੱਚ ਹੋਣ ਵਾਲੀ ਦੇਰੀ ਘਟਾਉਣ ਅਤੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ 24 ਘੰਟਿਆਂ ਅੰਦਰ ਨੋਡਲ ਅਫ਼ਸਰ ਨਿਯੁਕਤ ਕਰਕੇ ਸਬੰਧਤ ਮੰਡੀਆਂ ਦੀਆਂ ਸਮੱਸਿਆਵਾਂ ਦੀ ਮੌਕੇ ’ਤੇ ਜਾਂਚ ਕਰਵਾਈ ਜਾਵੇ ਅਤੇ ਮੁੱਢਲੀ ਕਾਰਵਾਈ ਰਿਪੋਰਟ ਤਿਆਰ ਕੀਤੀ ਜਾਵੇ। ਇਸ ਤੋਂ ਇਲਾਵਾ ਬਾਕੀ ਜ਼ਰੂਰੀ ਕੰਮਾਂ ਦੀ ਸੱਤ ਦਿਨਾਂ ਅੰਦਰ ਸਮੀਖਿਆ ਕਰਕੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣ।