ਜ਼ਿਲ੍ਹਾ ਪੱਧਰੀ ਸਾਇੰਸ ਡਰਾਮੇ ’ਚ ਗੋਲੇਵਾਲਾ ਸਕੂਲ ਰਿਹਾ ਅੱਵਲ ਜ਼ਿਲ੍ਹਾ ਪੱਧਰੀ ਸਾਇੰਸ ਡਰਾਮੇ ’ਚ ਗੋਲੇਵਾਲਾ ਸਕੂਲ ਅੱਵਲ
Publish Date: Mon, 26 Oct 2026 04:30 PM (IST)
Updated Date: Mon, 26 Oct 2026 04:31 PM (IST)
ਬਰਗਾੜੀ ਸਕੂਲ ਦੂਜੇ ਅਤੇ ਪਿੱਪਲੀ ਨਵੀਂ ਸਕੂਲ ਤੀਜੇ ਸਥਾਨ ’ਤੇ ਰਿਹਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਪੀ.ਐੱਮ.ਸ਼੍ਰੀ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਟੀਮ ਦੂਜੇ ਅਤੇ ਸਰਕਾਰੀ ਹਾਈ ਸਕੂਲ ਪਿੱਪਲੀ ਨਵੀਂ ਦੀ ਟੀਮ ਤੀਜੇ ਸਥਾਨ ’ਤੇ ਰਹੀ। ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅੰਜਨਾ ਕੌਂਸਲ ਨੇ ਸ਼ਿਰਕਤ ਕੀਤੀ। ਉਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਕੇ ਜ਼ਿਲ੍ਹਾ ਪੱਧਰ ’ਤੇ ਪਹੁੰਚੀਆਂ ਟੀਮਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਵੇਰੇ ਉੱਠਣ ਤੋਂ ਲੈ ਕੇ ਰਾਤ ਨੂੰ ਸੌਣ ਤੱਕ ਮਨੁੱਖੀ ਜੀਵਨ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਹੈ। ਵਿਗਿਆਨ ਨੇ ਜੀਵਨ ਨੂੰ ਸੁਖਾਲਾ ਅਤੇ ਆਰਾਮਦਾਇਕ ਬਣਾਇਆ ਹੈ। ਇਸ ਲਈ ਵਿਗਿਆਨ ਦੀ ਸੁਚੱਜੀ ਵਰਤੋਂ ਕਰਕੇ ਮਨੁੱਖਤਾ ਦੀ ਭਲਾਈ ਲਈ ਨਵੀਆਂ ਖੋਜਾਂ ਕਰਨੀਆਂ ਚਾਹੀਦੀਆਂ ਹਨ। ਜ਼ਿਲ੍ਹਾ ਨੋਡਲ ਅਫ਼ਸਰ ਅਤੇ ਮੁੱਖ ਅਧਿਆਪਕ ਜਗਮੋਹਣ ਸਿੰਘ ਬਰਾੜ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪੰਜ ਬਲਾਕਾਂ ਵਿੱਚੋਂ ਅੱਠ ਟੀਮਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨਾਲ ਹਾਜ਼ਰੀਨ ਦਾ ਮਨ ਮੋਹ ਲਿਆ। ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਲੈਕਚਰਾਰ ਕਰਮਜੀਤ ਸਿੰਘ ਸਰਾਂ ਨੇ ਦੱਸਿਆ ਕਿ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਰਾਜ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੀ ਨੁਮਾਇੰਦਗੀ ਕਰੇਗੀ। ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਅਤੇ ਲੈਕਚਰਾਰ ਰੰਗ ਹਰਜਿੰਦਰ ਨੇ ਨਾਟਕਾਂ ਦੀ ਪੇਸ਼ਕਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਦਿੱਤੇ ਅਤੇ ਜੇਤੂ ਟੀਮਾਂ ਨੂੰ ਤਕਨੀਕੀ ਪੱਖੋਂ ਹੋਰ ਮਜ਼ਬੂਤ ਕਰਨ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁਕਾਬਲਿਆਂ ਦੀ ਜੱਜਮੈਂਟ ਲੈਕਚਰਾਰ ਮਨਪ੍ਰੀਤ ਕੌਰ, ਬਲਬੀਰ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ, ਲੈਕਚਰਾਰ ਰੰਗ ਹਰਜਿੰਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਅਤੇ ਐੱਸ.ਐੱਸ. ਮਾਸਟਰ ਅਮੋਲਕ ਸਿੰਘ, ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਨੇ ਕੀਤੀ। ਮੰਚ ਸੰਚਾਲਨ ਸਾਇੰਸ ਮਾਸਟਰ ਅਮਨ ਦਿਓੜਾ ਨੇ ਕੀਤਾ। ਇਸ ਸਮਾਗਮ ਦੀ ਸਫ਼ਲਤਾ ਲਈ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਰਵਿੰਦਰ ਕੌਰ ਅਤੇ ਬਲਾਕ ਰਿਸੋਰਸ ਕੋਆਰਡੀਨੇਟਰ ਕ੍ਰਿਸ਼ਨ ਸਿੰਘ ਨੇ ਅਹਿਮ ਯੋਗਦਾਨ ਪਾਇਆ। ਅੰਤ ਵਿੱਚ ਜੇਤੂ ਟੀਮਾਂ, ਭਾਗ ਲੈਣ ਵਾਲੀਆਂ ਟੀਮਾਂ ਅਤੇ ਗਾਈਡ ਅਧਿਆਪਕਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।