- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਡਾ. ਲਛਮਣ ਭਗਤੂਆਣਾ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਦਾਣਾ ਮੰਡੀ ਜੈਤੋ ਸਮੇਤ ਮਾਰਕੀਟ ਕਮੇਟੀ ਜੈਤੋ ਅਧੀਨ ਆਉਂਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭਗਤੂਆਣਾ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਸਬੰਧਤ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਮਿਲੇ। ਡਾ. ਲਛਮਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਹ ਅਧਿਕਾਰੀਆਂ ਸਮੇਤ ਜੈਤੋ ਹਲਕੇ ਦੀਆਂ ਮੰਡੀਆਂ ਵਿੱਚ ਪਹੁੰਚੇ ਹਨ। ਉਨ੍ਹਾਂ ਅਨੁਸਾਰ ਕਿਸਾਨਾਂ ਨਾਲ ਹੋਈ ਗੱਲਬਾਤ ਦੌਰਾਨ ਕਿਸਾਨਾਂ ਨੇ ਖ਼ਰੀਦ ਪ੍ਰਬੰਧਾਂ ਸਬੰਧੀ ਆਪਣੀ ਤਸੱਲੀ ਪ੍ਰਗਟਾਈ।