ਯੁਵਾ ਮੇਲੇ ’ਚ ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ ਅੰਤਰ-ਸਕੂਲ ਯੁਵਾ ਮੇਲੇ ਵਿੱਚ ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Mon, 26 Oct 2026 05:32 PM (IST)
Updated Date: Mon, 26 Oct 2026 05:34 PM (IST)
ਏਕਮਨੂਰ ਕੌਰ ਨਾਅਰਾ-ਲੇਖਣ ਤੇ ਰੁਦਰ ਚਿੱਤਰਕਲਾ ਮੁਕਾਬਲੇ ’ਚ ਅੱਵਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵੱਲੋਂ ਕਰਵਾਏ ਗਏ ਅੰਤਰ-ਸਕੂਲ ਯੁਵਾ ਮੇਲੇ ਵਿੱਚ ਅਲਾਇੰਸ ਇੰਟਰਨੈਸ਼ਨਲ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕ ਸੋਚ, ਕਲਾਤਮਕ ਪ੍ਰਤਿਭਾ ਅਤੇ ਹੁਨਰ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ। ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਏਕਮਨੂਰ ਕੌਰ ਨੇ ਨਾਅਰਾ-ਲੇਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵਿਦਿਆਰਥੀ ਰੁਦਰ ਜਿੰਦਲ ਨੇ ਚਿੱਤਰਕਲਾ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਲਾਤਮਕ ਯੋਗਤਾ ਦਾ ਸਬੂਤ ਦਿੱਤਾ। ਦੋਵਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਇਸ ਸਫ਼ਲਤਾ ’ਤੇ ਮਾਣ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੇ ਸਾਹਿਤਕ, ਸੱਭਿਆਚਾਰਕ ਅਤੇ ਕਲਾਤਮਕ ਮੁਕਾਬਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਨਾਅਰਾ-ਲੇਖਣ ਮੁਕਾਬਲੇ ਬੱਚਿਆਂ ਦੀ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਅਤੇ ਭਾਸ਼ਾਈ ਹੁਨਰ ਨੂੰ ਨਿਖਾਰਦੇ ਹਨ, ਜਦਕਿ ਚਿੱਤਰਕਲਾ ਉਨ੍ਹਾਂ ਦੀ ਕਲਪਨਾਸ਼ੀਲਤਾ, ਸਿਰਜਣਾਤਮਕਤਾ ਅਤੇ ਕਲਾਤਮਕ ਸੋਚ ਨੂੰ ਨਵੀਆਂ ਦਿਸ਼ਾਵਾਂ ਪ੍ਰਦਾਨ ਕਰਦੀ ਹੈ। ਇਸ ਮੌਕੇ ਮੁਕਾਬਲਿਆਂ ਦੇ ਜੱਜਾਂ ਮਾਸਟਰ ਬਲਦੇਵ ਸਿੰਘ, ਰਵਿੰਦਰ ਸਿੰਘ ਦਾਰਾ, ਸ਼ਰਨਜੀਤ ਸਿੰਘ, ਮਾਸਟਰ ਇੰਦਰਜੀਤ ਸਿੰਘ ਭਗਤਾ ਭਾਈ, ਸੁਖਵਿੰਦਰ ਸਿੰਘ ਮੜ੍ਹਾਕ, ਹਰਵਿੰਦਰ ਸਿੰਘ ਸਮੇਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਦੇ ਪ੍ਰਧਾਨ ਤੇਜ ਸਿੰਘ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਜੈਤੋ, ਬਾਬਾ ਵੀਰ ਸਿੰਘ, ਤਰਸੇਮ ਸਿੰਘ, ਗੁਰਚਰਨ ਸਿੰਘ, ਕਰਮਜੀਤ ਸਿੰਘ, ਜਸਵੰਤ ਸਿੰਘ ਧਾਲੀਵਾਲ, ਹਰਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਦਸਪ੍ਰੀਤ ਸਿੰਘ, ਮਨਜੀਤ ਸਿੰਘ, ਦਵਿੰਦਰਪਾਲ ਸਿੰਘ ਅਤੇ ਲਖਵਿੰਦਰ ਸ਼ਰਮਾ ਨੇ ਜੇਤੂ ਵਿਦਿਆਰਥਣ ਏਕਮਨੂਰ ਕੌਰ ਅਤੇ ਵਿਦਿਆਰਥੀ ਰੁਦਰ ਜਿੰਦਲ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਨੇ ਵੀ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ।