- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਜਵਾਨੀ ਬਚਾਉਣ ਲਈ ‘ਆਪ’ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ : ਬੀਬੀ ਸਨਦੀਪ ਕੌਰ ਖ਼ਾਲਸਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ। ਇਹ ਵਿਚਾਰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਧਰਮਪਤਨੀ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਧਾਨ ਸਭਾ ਹਲਕਾ ਜੈਤੋ ਤੋਂ ਇੰਚਾਰਜ ਬੀਬੀ ਸਨਦੀਪ ਕੌਰ ਖ਼ਾਲਸਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਦੇਸ਼ਾਂ ਵੱਲ ਵਧ ਰਹੇ ਪਲਾਇਨ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਇਹ ਸਥਿਤੀ ਸੂਬੇ ਦੇ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ। ਲੋਕਾਂ ਨੂੰ ਆਸ ਸੀ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਹੋਵੇਗਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਅਤੇ ਸੂਬਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ, ਪਰ ਅੱਜ ਵੀ ਬਹੁਤ ਸਾਰੇ ਪਰਿਵਾਰ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਬੀਬੀ ਸਨਦੀਪ ਕੌਰ ਖ਼ਾਲਸਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਜ਼ਿਕਰ ਕਰਦਿਆਂ ਇਸ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦੇਸ਼ ਅਤੇ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ। ਜੇਕਰ ਨੌਜਵਾਨ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਹੇਠ ਆਉਂਦੇ ਰਹੇ ਤਾਂ ਪੰਜਾਬ ਦੀ ਤਰੱਕੀ ਦਾ ਟੀਚਾ ਹਾਸਲ ਕਰਨਾ ਮੁਸ਼ਕਲ ਹੋਵੇਗਾ। ਸਰਕਾਰ ਨੂੰ ਸਿਰਫ਼ ਵਾਅਦੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਕੇ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ। ਅੰਤ ਵਿੱਚ ਬੀਬੀ ਸਨਦੀਪ ਕੌਰ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ ਪੀੜ੍ਹੀ ਨੂੰ ਬਚਾਉਣ, ਨਸ਼ਿਆਂ ’ਤੇ ਕਾਬੂ ਪਾਉਣ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਲਿਆਉਣ ਲਈ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋਣ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।