ਜੈਤੋ ’ਚ ਨੋ-ਪਾਰਕਿੰਗ ਦੇ ਫਲੈਕਸ ਬੋਰਡ ਲਗਾਏ ਜੈਤੋ ’ਚ ਨੋ-ਪਾਰਕਿੰਗ ਦੇ ਫਲੈਕਸ ਬੋਰਡ ਲਗਾਏ
Publish Date: Thu, 29 Oct 2026 03:35 PM (IST)
Updated Date: Thu, 29 Oct 2026 03:37 PM (IST)
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ : ਬਲਰਾਜ ਸਿੰਘ ਭੁੱਲਰ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜੈਤੋ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਦੇ ਹੁਕਮਾਂ, ਸਬ-ਡਵੀਜ਼ਨ ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਟਰੈਫਿਕ ਪੁਲਿਸ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਨੋ-ਪਾਰਕਿੰਗ ਦੇ ਫਲੈਕਸ ਬੋਰਡ ਲਗਾਏ ਗਏ ਹਨ। ਇਸ ਪਹਿਲਕਦਮੀ ਦਾ ਮਕਸਦ ਤਿਉਹਾਰਾਂ ਦੌਰਾਨ ਵਧਣ ਵਾਲੀ ਆਵਾਜਾਈ ਦੇ ਦਬਾਅ ਨੂੰ ਘਟਾਉਣਾ ਅਤੇ ਲੋਕਾਂ ਨੂੰ ਟਰੈਫਿਕ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣਾ ਹੈ। ਇਹ ਫਲੈਕਸ ਬੋਰਡ ਜੈਤੋ ਟਰੈਫਿਕ ਪੁਲਿਸ ਦੇ ਇੰਚਾਰਜ ਏ.ਐੱਸ.ਆਈ. ਬਲਰਾਜ ਸਿੰਘ ਭੁੱਲਰ ਢੈਪਈ ਦੀ ਨਿਗਰਾਨੀ ਹੇਠ ਲਗਵਾਏ ਗਏ। ਇਨ੍ਹਾਂ ਰਾਹੀਂ ਵਾਹਨ ਚਾਲਕਾਂ ਨੂੰ ਨੋ-ਪਾਰਕਿੰਗ ਵਾਲੀਆਂ ਥਾਵਾਂ ’ਤੇ ਆਪਣੇ ਵਾਹਨ ਖੜ੍ਹੇ ਨਾ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਬਾਜ਼ਾਰਾਂ ਅੰਦਰ ਖਰੀਦਦਾਰੀ ਕਰਨ ਲਈ ਲੋਕਾਂ ਦੀ ਆਮਦ ਵਧ ਜਾਂਦੀ ਹੈ। ਇਸ ਦੌਰਾਨ ਸੜਕਾਂ ਦੇ ਕਿਨਾਰਿਆਂ ਅਤੇ ਬਾਜ਼ਾਰਾਂ ਵਿੱਚ ਬੇਤਰਤੀਬੇ ਢੰਗ ਨਾਲ ਖੜ੍ਹੇ ਕੀਤੇ ਵਾਹਨਾਂ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸ ਨਾਲ ਰਾਹਗੀਰਾਂ, ਦੁਕਾਨਦਾਰਾਂ ਅਤੇ ਹੋਰ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਅਜਿਹੀ ਸਥਿਤੀ ਕਾਰਨ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਵਾਹਨਾਂ ਦੀ ਆਵਾਜਾਈ ਵਿੱਚ ਵੀ ਰੁਕਾਵਟ ਪੈਦਾ ਹੋ ਸਕਦੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਟਰੈਫਿਕ ਇੰਚਾਰਜ ਏ.ਐੱਸ.ਆਈ. ਬਲਰਾਜ ਸਿੰਘ ਭੁੱਲਰ ਢੈਪਈ ਨੇ ਕਿਹਾ ਕਿ ਜੇਕਰ ਕੋਈ ਵਾਹਨ ਚਾਲਕ ਨੋ-ਪਾਰਕਿੰਗ ਜ਼ੋਨ ਵਿੱਚ ਆਪਣੀ ਕਾਰ ਜਾਂ ਮੋਟਰਸਾਈਕਲ ਖੜ੍ਹਾ ਕਰਦਾ ਹੈ, ਤਾਂ ਉਸ ਵਿਰੁੱਧ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕਰਦਿਆਂ ਚਾਲਾਨ ਕੱਟਿਆ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨੋ-ਪਾਰਕਿੰਗ ਸਬੰਧੀ ਲਗਾਏ ਗਏ ਬੋਰਡਾਂ ’ਤੇ ਦਰਜ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨ ਨਿਰਧਾਰਤ ਪਾਰਕਿੰਗ ਵਾਲੀਆਂ ਥਾਵਾਂ ’ਤੇ ਹੀ ਖੜ੍ਹੇ ਕਰਨ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦੇ ਮੌਕੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਪੁਲਿਸ ਦਾ ਸਹਿਯੋਗ ਕਰਨ, ਤਾਂ ਜੋ ਸ਼ਹਿਰ ਵਿੱਚ ਆਵਾਜਾਈ ਸੁਚਾਰੂ ਬਣੀ ਰਹੇ।