- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ’ਚ 202 ਗ੍ਰਾਮ ਹੈਰੋਇਨ ਤੇ 3600 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਚਾਰ ਗ੍ਰਿਫ਼ਤਾਰ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 202 ਗ੍ਰਾਮ ਹੈਰੋਇਨ ਅਤੇ 3600 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੋਟਕਪੂਰਾ ਦੇ ਦੋ ਨਿਵਾਸੀਆਂ ਤੋਂ ਇਲਾਵਾ ਜ਼ਿਲ੍ਹਾ ਮੋਗਾ ਅਤੇ ਬਠਿੰਡਾ ਨਾਲ ਸਬੰਧਤ ਇਕ-ਇਕ ਵਿਅਕਤੀ ਸ਼ਾਮਲ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਏਐੱਸਆਈ ਸੁਖਪਾਲ ਸਿੰਘ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਪਿੰਡ ਢਿੱਲਵਾਂ ਕਲਾਂ ਵੱਲ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਕੌਮੀ ਮਾਰਗ ’ਤੇ ਪਿੰਡ ਢਿੱਲਵਾਂ ਕਲਾਂ ਤੋਂ ਕੁਝ ਅੱਗੇ ਪਹੁੰਚੀ ਤਾਂ ਦੋ ਮੋਟਰਸਾਈਕਲਾਂ ਕੋਲ ਚਾਰ ਵਿਅਕਤੀ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾਉਣ ’ਤੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਇਸ ਦੌਰਾਨ ਉਨ੍ਹਾਂ ਕੋਲੋਂ 202 ਗ੍ਰਾਮ ਹੈਰੋਇਨ ਅਤੇ 3600 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕੋਟਕਪੂਰਾ ਦੇ ਜੀਵਨ ਨਗਰ ਵਾਸੀ ਅਨਮੋਲ ਸਿੰਘ ਉਰਫ਼ ਗੁੰਨੂ ਪੁੱਤਰ ਜਸਵਿੰਦਰ ਸਿੰਘ, ਪ੍ਰੇਮ ਨਗਰ ਵਾਸੀ ਮਨਦੀਪ ਕੁਮਾਰ ਉਰਫ਼ ਜੋਨੀ ਪੁੱਤਰ ਸੁਰਿੰਦਰ ਕੁਮਾਰ, ਜ਼ਿਲ੍ਹਾ ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਾਸੀ ਹਰਜਿੰਦਰ ਸਿੰਘ ਉਰਫ਼ ਬੱਗੋ ਪੁੱਤਰ ਜਰਨੈਲ ਸਿੰਘ ਅਤੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਵਾਸੀ ਆਕਾਸ਼ਦੀਪ ਸਿੰਘ ਉਰਫ਼ ਰੋਨੀ ਪੁੱਤਰ ਇਕਬਾਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਸਪਲਾਈ ਕਿਨ੍ਹਾਂ ਵਿਅਕਤੀਆਂ ਨੂੰ ਕੀਤੀ ਜਾਣੀ ਸੀ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।