- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਨਾਂ ਲਾਇਸੈਂਸ ਪਟਾਕੇ ਵੇਚਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਐੱਸਐੱਚਓ ਨਵਪ੍ਰੀਤ ਸਿੰਘ ਸੰਧੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ (ਆਈਏਐੱਸ) ਦੇ ਹੁਕਮਾਂ ਅਤੇ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ (ਪੀਪੀਐੱਸ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਜੈਤੋ ਦੀ ਪੁਲਿਸ ਵੱਲੋਂ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਸਰਕਾਰੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਲਾਇਸੈਂਸ ਧਾਰਕ ਪਟਾਕਾ ਵਿਕਰੇਤਾਵਾਂ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਬਿਨਾਂ ਲਾਇਸੈਂਸ ਅਤੇ ਪ੍ਰਸ਼ਾਸਨਿਕ ਮਨਜ਼ੂਰੀ ਤੋਂ ਪਟਾਕੇ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਲਈ ਸਟਾਲ ਸਿਰਫ਼ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀਆਂ ਥਾਵਾਂ ’ਤੇ ਹੀ ਲਗਾਏ ਜਾ ਸਕਦੇ ਹਨ। ਜੇਕਰ ਕੋਈ ਦੁਕਾਨਦਾਰ ਨਿਰਧਾਰਤ ਥਾਵਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ’ਤੇ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਪਟਾਕਿਆਂ ਦੀ ਵਿਕਰੀ ਲਈ ਲਗਾਏ ਜਾਣ ਵਾਲੇ ਹਰੇਕ ਸਟਾਲ ’ਤੇ ਲਾਇਸੈਂਸ ਦੀ ਅਸਲ ਕਾਪੀ ਰੱਖਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਸਟਾਲ ਲਗਾਉਣ ਵਾਲਿਆਂ ਲਈ ਫਾਇਰ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਪ੍ਰਾਪਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੈਕਿੰਗ ਦੌਰਾਨ ਜੇਕਰ ਕਿਸੇ ਦੁਕਾਨਦਾਰ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਮਿਲਦੇ ਜਾਂ ਉਹ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪਟਾਕੇ ਜ਼ਬਤ ਕਰ ਲਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਟਾਲ ਲਗਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਕਿਉਂਕਿ ਇਸ ਨਾਲ ਲੋਕਾਂ ਦੀ ਜਾਨ-ਮਾਲ ਅਤੇ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸੇ ਤਰ੍ਹਾਂ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅਤੇ ਸਟਾਲਾਂ ’ਤੇ ਪਟਾਕੇ ਚਲਾਉਣ ਸਬੰਧੀ ਨਿਰਧਾਰਤ ਸਮੇਂ ਦੀ ਜਾਣਕਾਰੀ ਵਾਲੇ ਬੈਨਰ ਲਗਾਉਣ ਦੀ ਵੀ ਹਦਾਇਤ ਕੀਤੀ ਗਈ ਹੈ, ਤਾਂ ਜੋ ਆਮ ਲੋਕਾਂ ਨੂੰ ਨਿਯਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਪਟਾਕਾ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਤਿਉਹਾਰ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਕਾਰਵਾਈ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਦੀ ਪਾਲਣਾ ਕਰਦਿਆਂ ਸੁਰੱਖਿਅਤ ਅਤੇ ਵਾਤਾਵਰਨ ਪੱਖੀ ਢੰਗ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।