- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ’ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ : ਬਲਰਾਜ ਸਿੰਘ ਭੁੱਲਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਦੀਵਾਲੀ ਸਮੇਤ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਵਧ ਰਹੀ ਲੋਕਾਂ ਦੀ ਆਮਦ ਅਤੇ ਵਾਹਨਾਂ ਦੀ ਭੀੜ ਨੂੰ ਦੇਖਦਿਆਂ ਜੈਤੋ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਟ੍ਰੈਫਿਕ ਪੁਲਿਸ ਨੇ ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਸੜਕਾਂ ਅਤੇ ਬਾਜ਼ਾਰਾਂ ਵਿੱਚ ਆਵਾਜਾਈ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ। ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਕਰਨ, ਗਲਤ ਪਾਰਕਿੰਗ ਕਰਨ ਅਤੇ ਨਿਯਮਾਂ ਦੇ ਉਲਟ ਜੁਗਾੜੂ ਰੇਹੜੀਆਂ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਤੋ ਟ੍ਰੈਫਿਕ ਪੁਲਿਸ ਦੇ ਇੰਚਾਰਜ ਏਐੱਸਆਈ ਬਲਰਾਜ ਸਿੰਘ ਭੁੱਲਰ ਢੈਪਈ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਗੁਰਬੰਸ ਸਿੰਘ ਬੈਂਸ (ਪੀਪੀਐੱਸ) ਦੇ ਹੁਕਮਾਂ, ਸਬ-ਡਵੀਜ਼ਨ ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਥਾਣਾ ਜੈਤੋ ਦੇ ਐੱਸਐੱਚਓ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਅੱਗੇ ਸਾਮਾਨ ਰੱਖ ਕੇ ਸੜਕਾਂ ਅਤੇ ਫੁੱਟਪਾਥਾਂ ’ਤੇ ਨਾਜਾਇਜ਼ ਕਬਜ਼ੇ ਕਰ ਲੈਂਦੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਸੜਕਾਂ ਦੇ ਕਿਨਾਰਿਆਂ ’ਤੇ ਬੇਤਰਤੀਬੇ ਢੰਗ ਨਾਲ ਵਾਹਨ ਖੜ੍ਹੇ ਕਰਨ ਨਾਲ ਬਾਜ਼ਾਰਾਂ ਵਿੱਚ ਜਾਮ ਦੀ ਸਥਿਤੀ ਪੈਦਾ ਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਟ੍ਰੈਫਿਕ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਜੁਗਾੜੂ ਰੇਹੜੀਆਂ ਰਾਹੀਂ ਸਾਮਾਨ ਦੀ ਢੋਆ-ਢੁਆਈ ਕਰਨ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਏਐੱਸਆਈ ਬਲਰਾਜ ਸਿੰਘ ਭੁੱਲਰ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਬਾਜ਼ਾਰਾਂ ਅੰਦਰ ਖ਼ਰੀਦਦਾਰੀ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ, ਜਿਸ ਕਾਰਨ ਆਵਾਜਾਈ ਦਾ ਦਬਾਅ ਵਧ ਜਾਂਦਾ ਹੈ। ਇਸ ਲਈ ਲੋਕ ਆਪਣੇ ਵਾਹਨ ਸਿਰਫ਼ ਪ੍ਰਸ਼ਾਸਨ ਵੱਲੋਂ ਨਿਰਧਾਰਤ ਪਾਰਕਿੰਗ ਵਾਲੀਆਂ ਥਾਵਾਂ ’ਤੇ ਹੀ ਖੜ੍ਹੇ ਕਰਨ ਅਤੇ ਬਾਜ਼ਾਰਾਂ ਦੇ ਰਸਤਿਆਂ ਵਿੱਚ ਵਾਹਨ ਪਾਰਕ ਕਰਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਗਲਤ ਪਾਰਕਿੰਗ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਤਾੜਨਾ ਕਰਦਿਆਂ ਕਿਹਾ ਕਿ ਦੋਪਹੀਆ ਵਾਹਨਾਂ ’ਤੇ ਦੋ ਤੋਂ ਵੱਧ ਸਵਾਰੀਆਂ ਬਿਠਾਉਣ ਅਤੇ ਮੋਟਰਸਾਈਕਲਾਂ ਦੇ ਸਾਇਲੈਂਸਰਾਂ ਵਿੱਚੋਂ ਪਟਾਕਿਆਂ ਵਰਗੀ ਆਵਾਜ਼ ਕੱਢਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਹੀ ਪਾਸੇ ਵਾਹਨ ਚਲਾਉਣ, ਨਿਰਧਾਰਤ ਪਾਰਕਿੰਗ ਦੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਪੁਲਿਸ ਦਾ ਸਹਿਯੋਗ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਤਿਉਹਾਰਾਂ ਦੌਰਾਨ ਜੈਤੋ ਸ਼ਹਿਰ ਵਿੱਚ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਰਹੇਗੀ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ