- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਅਕਾਲੀ ਦਲ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ : ਸੂਬਾ ਸਿੰਘ ਬਾਦਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ 1 ਨਵੰਬਰ, ਦਿਨ ਐਤਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਗੁਰੂ ਕੀ ਢਾਬ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਪਿੰਡ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਹੋਵੇਗੀ। ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਨੌਜਵਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਮਾਗਮ ਵਿੱਚ ਜੈਤੋ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਨੌਜਵਾਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਸਿਆਸੀ ਜਥੇਬੰਦੀ ਦੀ ਅਹਿਮ ਤਾਕਤ ਹੁੰਦੇ ਹਨ। ਨੌਜਵਾਨਾਂ ਦੀ ਊਰਜਾ, ਸੋਚ ਅਤੇ ਸਰਗਰਮ ਭੂਮਿਕਾ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਥੇਬੰਦਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਅਜਿਹੇ ਸਮਾਗਮਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੌਜਵਾਨਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਮੌਕੇ ਨੌਜਵਾਨਾਂ ਦੀ ਭੂਮਿਕਾ, ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਨੌਜਵਾਨ ਵਰਗ ਦੀ ਸ਼ਮੂਲੀਅਤ ਵਧਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ। ਸੂਬਾ ਸਿੰਘ ਬਾਦਲ ਨੇ ਹਲਕਾ ਜੈਤੋ ਦੇ ਸਮੂਹ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 1 ਨਵੰਬਰ ਨੂੰ ਪਿੰਡ ਗੁਰੂ ਕੀ ਢਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਹੋਣ ਵਾਲੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਫ਼ਲ ਬਣਾਉਣ। ਇਸ ਮੌਕੇ ਇਕਬਾਲ ਸਿੰਘ ਗੁਰੂ ਕੀ ਢਾਬ, ਜੱਗਾ ਸੰਧੂ ਚੈਨਾ, ਸਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਨੌਜਵਾਨ ਆਗੂ ਵੀ ਹਾਜ਼ਰ ਸਨ।