- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਸਹਾਰਾ ਪਸ਼ੂਆਂ ਕਾਰਨ ਹਾਦਸੇ ਰੋਕਣ ਲਈ ਠੋਸ ਨੀਤੀ ਬਣੇ : ਨਾਇਬ ਭਗਤੂਆਣਾ ਅਤੇ ਡਾ. ਗੁਰਚਰਨ ਭਗਤੂਆਣਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੜਕਾਂ ’ਤੇ ਬੇਸਹਾਰਾ ਪਸ਼ੂਆਂ ਦੀ ਵਧ ਰਹੀ ਸਮੱਸਿਆ ਕਾਰਨ ਵਾਪਰ ਰਹੇ ਹਾਦਸੇ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਬਣਦੇ ਜਾ ਰਹੇ ਹਨ। ਇਨ੍ਹਾਂ ਹਾਦਸਿਆਂ ਵਿੱਚ ਜਿੱਥੇ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਬੈਠਦੇ ਹਨ, ਉੱਥੇ ਹੀ ਅਨੇਕਾਂ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਜ਼ਿੰਦਗੀ ਭਰ ਲਈ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋ ਜਾਂਦੇ ਹਨ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਸਰਕਾਰ ਨੂੰ ਬਿਆਨਬਾਜ਼ੀ ਦੀ ਬਜਾਏ ਠੋਸ ਨੀਤੀ ਬਣਾਉਣ ਅਤੇ ਉਸ ਨੂੰ ਜ਼ਮੀਨੀ ਪੱਧਰ ’ਤੇ ਇਮਾਨਦਾਰੀ ਨਾਲ ਲਾਗੂ ਕਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੀਨੀਅਰ ਆਗੂ ਨਾਇਬ ਸਿੰਘ ਭਗਤੂਆਣਾ ਅਤੇ ਪ੍ਰਸਿੱਧ ਸਮਾਜ ਸੇਵਕ ਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜਦੋਂ ਦੁਧਾਰੂ ਪਸ਼ੂ ਦੁੱਧ ਦੇਣਾ ਬੰਦ ਕਰ ਦਿੰਦੇ ਹਨ ਜਾਂ ਪਸ਼ੂ ਪਾਲਕਾਂ ਨੂੰ ਉਹ ਕਿਸੇ ਕੰਮ ਦੇ ਨਹੀਂ ਲੱਗਦੇ ਤਾਂ ਕੁਝ ਲੋਕ ਉਨ੍ਹਾਂ ਨੂੰ ਸੜਕਾਂ ਅਤੇ ਜਨਤਕ ਥਾਵਾਂ ’ਤੇ ਖੁੱਲ੍ਹੇਆਮ ਛੱਡ ਦਿੰਦੇ ਹਨ। ਇਸ ਕਾਰਨ ਇਹ ਪਸ਼ੂ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ’ਤੇ ਘੁੰਮਦੇ ਰਹਿੰਦੇ ਹਨ। ਦਿਨ ਸਮੇਂ ਤਾਂ ਵਾਹਨ ਚਾਲਕ ਇਨ੍ਹਾਂ ਤੋਂ ਬਚਣ ਲਈ ਕਾਫ਼ੀ ਹੱਦ ਤੱਕ ਸਾਵਧਾਨੀ ਵਰਤ ਸਕਦੇ ਹਨ, ਪਰ ਰਾਤ ਸਮੇਂ ਘੱਟ ਰੌਸ਼ਨੀ ਕਾਰਨ ਸੜਕ ਵਿਚਕਾਰ ਬੈਠੇ ਜਾਂ ਅਚਾਨਕ ਸਾਹਮਣੇ ਆਏ ਪਸ਼ੂ ਦੁਰਘਟਨਾਵਾਂ ਦਾ ਕਾਰਨ ਬਣ ਜਾਂਦੇ ਹਨ। ਨਾਇਬ ਸਿੰਘ ਭਗਤੂਆਣਾ ਅਤੇ ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਅੱਜ ਦੀ ਨਹੀਂ, ਸਗੋਂ ਲੰਮੇ ਸਮੇਂ ਤੋਂ ਬਣੀ ਹੋਈ ਹੈ। ਪਿਛਲੀਆਂ ਸਰਕਾਰਾਂ ਵੱਲੋਂ ਵੀ ਇਸ ਸਮੱਸਿਆ ਦੇ ਹੱਲ ਲਈ ਵੱਖ-ਵੱਖ ਉਪਰਾਲੇ ਕਰਨ ਅਤੇ ਨੀਤੀਆਂ ਬਣਾਉਣ ਦੀ ਗੱਲ ਕੀਤੀ ਜਾਂਦੀ ਰਹੀ ਹੈ, ਪਰ ਇਸ ਦੇ ਬਾਵਜੂਦ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਦੀ ਮੌਜੂਦਗੀ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਿਰਫ਼ ਯੋਜਨਾਵਾਂ ਬਣਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਸਗੋਂ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਵੀ ਲਾਜ਼ਮੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਅਤੇ ਹੋਰ ਪਸ਼ੂ ਸੰਭਾਲ ਕੇਂਦਰਾਂ ਦੀ ਸਮਰੱਥਾ ਵਧਾਈ ਜਾਵੇ। ਪਸ਼ੂਆਂ ਨੂੰ ਸੜਕਾਂ ’ਤੇ ਛੱਡਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਸਬੰਧਤ ਵਿਭਾਗਾਂ ਵੱਲੋਂ ਨਿਯਮਿਤ ਨਿਗਰਾਨੀ ਕੀਤੀ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਦੀ ਰੱਖਿਆ ਦੇ ਨਾਲ-ਨਾਲ ਬੇਸਹਾਰਾ ਪਸ਼ੂਆਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮੇਂ ਸਿਰ ਕੀਤੇ ਠੋਸ ਉਪਰਾਲਿਆਂ ਨਾਲ ਹੀ ਕੀਮਤੀ ਮਨੁੱਖੀ ਜਾਨਾਂ ਅਤੇ ਬੇਜ਼ੁਬਾਨ ਪਸ਼ੂਆਂ ਨੂੰ ਹਾਦਸਿਆਂ ਤੋਂ ਬਚਾਇਆ ਜਾ ਸਕਦਾ ਹੈ।