- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀਆਂ ’ਚ ਝੋਨੇ ਦੀ ਆਮਦ 3.49 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ ਦੀ ਰਫ਼ਤਾਰ ਵਧਾਉਣ ਦੇ ਹੁਕਮ

ਜਗਮੀਤ ਸਿੰਘ ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ, ਪਰ ਖਰੀਦ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਕਰਵਾਉਣਾ ਵੀ ਪ੍ਰਸ਼ਾਸਨ ਲਈ ਅਹਿਮ ਚੁਣੌਤੀ ਬਣਿਆ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਬੰਧਤ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,49,419 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ। ਇਸ ਵਿੱਚੋਂ 3,32,393 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦੇ ਗਏ ਝੋਨੇ ਵਿੱਚੋਂ ਹੁਣ ਤੱਕ 1,29,374 ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਆਮਦ ਦੇ ਅਨੁਪਾਤ ਅਨੁਸਾਰ ਲਿਫਟਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਨਵੀਂ ਫ਼ਸਲ ਲਿਆਉਣ ਲਈ ਮੰਡੀਆਂ ਵਿੱਚ ਲੋੜੀਂਦੀ ਜਗ੍ਹਾ ਬਣੀ ਰਹੇ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ ਨੇ ਦੱਸਿਆ ਕਿ ਖਰੀਦ ਏਜੰਸੀਆਂ ਵਿੱਚੋਂ ਪਨਗ੍ਰੇਨ ਵੱਲੋਂ ਸਭ ਤੋਂ ਵੱਧ 1,27,722 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈੱਡ ਨੇ 97,004 ਮੀਟ੍ਰਿਕ ਟਨ, ਪਨਸਪ ਨੇ 63,905 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 40,314 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 3,447 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਖਰੀਦ ਬਦਲੇ ਹੁਣ ਤੱਕ 713.33 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਰੀਦ ਪ੍ਰਬੰਧਾਂ ਦੇ ਨਾਲ-ਨਾਲ ਅਦਾਇਗੀ ਅਤੇ ਲਿਫਟਿੰਗ ਦੀ ਪ੍ਰਕਿਰਿਆ ’ਤੇ ਵੀ ਲਗਾਤਾਰ ਨਜ਼ਰ ਰੱਖਣ ਲਈ ਕਿਹਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਤੇ ਤਕਨੀਕਾਂ ਰਾਹੀਂ ਇਸ ਦਾ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਸਹਿਯੋਗ ਦਿੱਤਾ ਜਾ ਸਕੇ।