- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ’ਤੇ ਸਿਹਤ ਵਿਭਾਗ ਦੀ ਨਜ਼ਰ, ਕੋਟਕਪੂਰਾ ’ਚ ਹਲਵਾਈਆਂ ਦੀਆਂ ਦੁਕਾਨਾਂ ’ਤੇ ਛਾਪੇ*

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਤਿਉਹਾਰਾਂ ਦੇ ਦਿਨਾਂ ਵਿੱਚ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮਿਲਾਵਟਖੋਰੀ ਨੂੰ ਰੋਕਣ ਲਈ ਆਪਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਫੂਡ ਸੇਫਟੀ ਵਿੰਗ ਦੀ ਟੀਮ ਵੱਲੋਂ ਕੋਟਕਪੂਰਾ ਵਿਖੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਅਤੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤੀ ਗਈ ਇਸ ਕਾਰਵਾਈ ਦੀ ਅਗਵਾਈ ਫੂਡ ਸੇਫਟੀ ਅਫ਼ਸਰ ਨਵਦੀਪ ਚਾਹਲ ਨੇ ਕੀਤੀ। ਜਾਂਚ ਦੌਰਾਨ ਦੁਕਾਨਾਂ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਤਿਆਰੀ, ਸਟੋਰੇਜ ਅਤੇ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਮਠਿਆਈਆਂ ਅਤੇ ਹੋਰ ਖੁਰਾਕੀ ਵਸਤਾਂ ਨੂੰ ਖੁੱਲ੍ਹਾ ਨਾ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਧੂੜ-ਮਿੱਟੀ ਤੇ ਹੋਰ ਗੰਦਗੀ ਤੋਂ ਬਚਾਉਣ ਲਈ ਢੱਕ ਕੇ ਰੱਖਿਆ ਜਾਵੇ। ਫੂਡ ਸੇਫਟੀ ਅਫ਼ਸਰ ਨਵਦੀਪ ਚਾਹਲ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਲੋਕਾਂ ਦੀ ਸਿਹਤ ਨਾਲ ਜੁੜਿਆ ਇਹ ਮਾਮਲਾ ਹੋਰ ਵੀ ਅਹਿਮ ਹੋ ਜਾਂਦਾ ਹੈ, ਕਿਉਂਕਿ ਇਸ ਸਮੇਂ ਮਠਿਆਈਆਂ ਦੀ ਖ਼ਰੀਦ ਅਤੇ ਵਰਤੋਂ ਵਧ ਜਾਂਦੀ ਹੈ। ਇਸ ਲਈ ਖੁਰਾਕੀ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮਿਲਾਵਟੀ ਜਾਂ ਗੈਰ-ਮਿਆਰੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਟੀਮ ਸਹਾਇਕ ਤਿਰਲੋਕ ਸਿੰਘ ਵੀ ਮੌਜੂਦ ਸਨ।