ਚੇਅਰਮੈਨ ਡਾ. ਲਛਮਣ ਭਗਤੂਆਣਾ ਵੱਲੋਂ ਮੰਡੀਆਂ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਚੇਅਰਮੈਨ ਡਾ. ਲਛਮਣ ਭਗਤੂਆਣਾ ਵੱਲੋਂ ਮੰਡੀਆਂ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾਝੋਨੇ ਦੀ ਲਿਫਟਿੰਗ ਤੇਜ਼ ਕਰਨ ਲਈ ਖ਼ਰੀਦ ਏਜੰਸੀਆਂ ਨੂੰ ਹਦਾਇਤ
Publish Date: Fri, 30 Oct 2026 04:45 PM (IST)
Updated Date: Fri, 30 Oct 2026 04:46 PM (IST)
ਝੋਨੇ ਦੀ ਲਿਫਟਿੰਗ ਤੇਜ਼ ਕਰਨ ਲਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖ਼ਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਜੈਤੋ ਦੀ ਦਾਣਾ ਮੰਡੀ ਸਮੇਤ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਏਜੰਸੀਆਂ ਦੇ ਕੰਮਕਾਜ, ਖ਼ਰੀਦੀ ਗਈ ਫ਼ਸਲ ਦੀ ਲਿਫਟਿੰਗ ਅਤੇ ਕਿਸਾਨਾਂ ਲਈ ਉਪਲਬਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਸੁਣੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਖ਼ਰੀਦ ਪ੍ਰਕਿਰਿਆ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਚੁਕਾਈ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ, ਕਿਉਂਕਿ ਲਿਫਟਿੰਗ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਢੇਰ ਵਧ ਜਾਂਦੇ ਹਨ ਅਤੇ ਨਵੀਂ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਆਪਣੀ ਉਪਜ ਰੱਖਣ ਲਈ ਥਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਪਹਿਲਾਂ ਖ਼ਰੀਦੇ ਜਾ ਚੁੱਕੇ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਤੁਰੰਤ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ ਅਤੇ ਮੰਡੀਆਂ ਵਿੱਚ ਖ਼ਰੀਦ, ਲਿਫਟਿੰਗ ਤੇ ਹੋਰ ਪ੍ਰਬੰਧਾਂ ਵਿਚਕਾਰ ਪੂਰਾ ਤਾਲਮੇਲ ਬਣਾਇਆ ਜਾਵੇ। ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਕਿਸਾਨ ਪੂਰਾ ਸਾਲ ਸਖ਼ਤ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦੇ ਹਨ ਅਤੇ ਜਦੋਂ ਉਹ ਆਪਣੀ ਉਪਜ ਮੰਡੀਆਂ ਵਿੱਚ ਲੈ ਕੇ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਹਰੇਕ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵੇ। ਮੰਡੀਆਂ ਵਿੱਚ ਸਫ਼ਾਈ, ਥਾਂ ਦੀ ਉਪਲਬਧਤਾ, ਖ਼ਰੀਦ ਪ੍ਰਬੰਧਾਂ ਅਤੇ ਲਿਫਟਿੰਗ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਚੁਕਾਈ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਪ੍ਰਬੰਧ ਸੁਚਾਰੂ ਬਣੇ ਰਹਿਣ। ਇਸ ਮੌਕੇ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਡਾਇਰੈਕਟਰ ਅਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਸਰਪੰਚ ਇੰਦਰਜੀਤ ਸਿੰਘ ਝੱਖੜਵਾਲਾ, ਸਰਪੰਚ ਜਗਸੀਰ ਸਿੰਘ ਬਾਜਾਖਾਨਾ, ਬੱਬਲਜੀਤ ਸਿੰਘ ਜੈਤੋ, ਗੁਰਸੇਵਕ ਸਿੰਘ ਜੈਤੋ, ਬਲਰਾਜ ਸਿੰਘ ਬਿਸ਼ਨੰਦੀ ਤੋਂ ਇਲਾਵਾ ਵੱਖ-ਵੱਖ ਫਰਮਾਂ ਦੇ ਆੜ੍ਹਤੀਏ, ਕਿਸਾਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।