ਕੇਵੀਕੇ ਵੱਲੋਂ ਦੋ ਮਹਿਲਾ ਉੱਦਮੀਆਂ ਦਾ ਸਨਮਾਨ ਖੇਤੀ ਦੇ ਨਾਲ ਸਹਾਇਕ ਕਿੱਤਿਆਂ ਨੂੰ ਅਪਣਾ ਕੇ ਔਰਤਾਂ ਬਣ ਰਹੀਆਂ ਆਤਮ-ਨਿਰਭਰ, ਕੇਵੀਕੇ ਵੱਲੋਂ ਦੋ ਮਹਿਲਾ ਉੱਦਮੀਆਂ ਦਾ ਸਨਮਾਨ
Publish Date: Fri, 30 Oct 2026 04:50 PM (IST)
Updated Date: Fri, 30 Oct 2026 04:52 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਖੇਤੀਬਾੜੀ ਨੂੰ ਸਿਰਫ਼ ਫ਼ਸਲਾਂ ਦੀ ਪੈਦਾਵਾਰ ਤੱਕ ਸੀਮਤ ਰੱਖਣ ਦੀ ਬਜਾਏ ਇਸ ਨਾਲ ਸਹਾਇਕ ਕਿੱਤਿਆਂ ਨੂੰ ਜੋੜ ਕੇ ਕਿਸਾਨ ਪਰਿਵਾਰਾਂ ਦੀ ਆਮਦਨ ਵਧਾਈ ਜਾ ਸਕਦੀ ਹੈ। ਇਸੇ ਸੋਚ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਸਹਾਇਕ ਧੰਦਿਆਂ ਦੀ ਜਾਣਕਾਰੀ ਦਿੱਤੀ ਗਈ, ਉੱਥੇ ਆਪਣੇ ਹੁਨਰ ਨੂੰ ਰੁਜ਼ਗਾਰ ਦਾ ਸਾਧਨ ਬਣਾਉਣ ਵਾਲੀਆਂ ਦੋ ਮਹਿਲਾ ਉੱਦਮੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ 108 ਕਿਸਾਨਾਂ, ਕਿਸਾਨ ਔਰਤਾਂ, ਵਿਦਿਆਰਥੀਆਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਕੇਵੀਕੇ ਦੇ ਇੰਚਾਰਜ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਲਗਾਤਾਰ ਤਬਦੀਲੀਆਂ ਹੋ ਰਹੀਆਂ ਹਨ। ਅਜਿਹੇ ਸਮੇਂ ਕਿਸਾਨਾਂ ਲਈ ਨਵੀਆਂ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਨਾ ਅਤੇ ਸਿਖਲਾਈ ਪ੍ਰੋਗਰਾਮਾਂ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਅਤੇ ਔਰਤਾਂ ਨੂੰ ਸਵੈ-ਨਿਰਭਰ ਬਣਨ ਲਈ ਸਿਖਲਾਈ ਲੈ ਕੇ ਆਪਣੇ ਪੱਧਰ ਤੇ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਲੀਡ ਬੈਂਕ ਫ਼ਰੀਦਕੋਟ ਦੇ ਜੀਐੱਸ ਵਾਲੀਆ ਨੇ ਸਹਾਇਕ ਧੰਦੇ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਦਿੱਤੀਆਂ ਜਾਂਦੀਆਂ ਵਿੱਤੀ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਰਿਜਨਲ ਸਟੇਸ਼ਨ ਫ਼ਰੀਦਕੋਟ ਦੇ ਸਹਾਇਕ ਪ੍ਰੋਫੈਸਰ ਅਤੇ ਮੌਸਮ ਵਿਗਿਆਨੀ ਡਾ. ਹਰਕੰਵਲ ਸਿੰਘ ਨੇ ਮੌਸਮੀ ਤਬਦੀਲੀਆਂ ਦੇ ਫ਼ਸਲਾਂ ਉੱਪਰ ਪੈ ਰਹੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਬਦਲਦੇ ਮੌਸਮ ਦੇ ਮੱਦੇਨਜ਼ਰ ਫ਼ਸਲਾਂ ਦੀ ਸਹੀ ਸੰਭਾਲ ਕਰਨ ਦੇ ਤਰੀਕਿਆਂ ਬਾਰੇ ਚਾਨਣਾ ਪਾਇਆ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਨਾਲ ਇਸ ਦਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਅਤੇ ਪੌਸ਼ਟਿਕ ਤੱਤਾਂ ਦੀ ਮਾਤਰਾ ਵਿੱਚ ਸੁਧਾਰ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਹਾੜ੍ਹੀ ਦੀਆਂ ਫ਼ਸਲਾਂ ਨੂੰ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਸਮਾਗਮ ਦਾ ਇਕ ਹੋਰ ਅਹਿਮ ਪਹਿਲੂ ਔਰਤਾਂ ਨੂੰ ਘਰੇਲੂ ਹੁਨਰ ਰਾਹੀਂ ਆਮਦਨ ਦੇ ਸਾਧਨ ਪੈਦਾ ਕਰਨ ਲਈ ਉਤਸ਼ਾਹਿਤ ਕਰਨਾ ਰਿਹਾ। ਇਸ ਤਹਿਤ ਵੰਦਨਾ ਕੋਹਲੀ ਫ਼ਰੀਦਕੋਟ ਅਤੇ ਗੁਰਪ੍ਰੀਤ ਕੌਰ ਹਰਦਿਆਲੇਆਣਾ ਨੂੰ ਸਨਮਾਨਿਤ ਕੀਤਾ ਗਿਆ। ਵੰਦਨਾ ਕੋਹਲੀ ਕੇਵੀਕੇ ਤੋਂ ਸਿਖਲਾਈ ਹਾਸਲ ਕਰਨ ਮਗਰੋਂ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਕਰਕੇ ਅਚਾਰ ਤੇ ਚਟਣੀਆਂ ਤਿਆਰ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਸਾਬਣ ਬਣਾਉਣ ਦਾ ਕੰਮ ਵੀ ਕਰ ਰਹੇ ਹਨ। ਦੂਜੇ ਪਾਸੇ ਗੁਰਪ੍ਰੀਤ ਕੌਰ ਨੇ ਬਚੇ ਹੋਏ ਅਤੇ ਫ਼ਾਲਤੂ ਕੱਪੜਿਆਂ ਦੀ ਵਰਤੋਂ ਕਰਕੇ ਨਵੇਂ ਅਤੇ ਡਿਜ਼ਾਈਨਦਾਰ ਉਤਪਾਦ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਇਨ੍ਹਾਂ ਔਰਤਾਂ ਦੇ ਕੰਮ ਨੂੰ ਹੋਰਨਾਂ ਲਈ ਪ੍ਰੇਰਨਾਦਾਇਕ ਦੱਸਦਿਆਂ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕਿਸਾਨ ਔਰਤਾਂ ਨੂੰ ਖੇਤੀਬਾੜੀ ਉਪਜ ਤੋਂ ਵੱਖ-ਵੱਖ ਮੁੱਲ-ਵਰਧਿਤ ਉਤਪਾਦ ਤਿਆਰ ਕਰਨ ਅਤੇ ਉਨ੍ਹਾਂ ਦੀ ਵਿਕਰੀ ਰਾਹੀਂ ਆਮਦਨ ਵਧਾਉਣ ਦੇ ਤਰੀਕੇ ਵੀ ਸਮਝਾਏ ਗਏ। ਕੇਵੀਕੇ ਵਿਖੇ ਕਰਵਾਏ ਜਾਂਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਕਿਸਾਨਾਂ ਨੂੰ ਖੇਤੀਬਾੜੀ ਸਾਹਿਤ ਅਤੇ ਕਿਤਾਬਾਂ ਵੀ ਵੰਡੀਆਂ ਗਈਆਂ। ਸਮਾਗਮ ਦੇ ਅਖੀਰ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪਹੁੰਚੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਚੱਲ ਰਹੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਕਿਸਾਨਾਂ ਅਤੇ ਹੋਰ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ ਗਿਆ।