- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਲੀ ’ਤੇ ਰਾਤ 8 ਤੋਂ 10 ਵਜੇ ਤੱਕ ਹੀ ਚੱਲ ਸਕਣਗੇ ਪਟਾਖੇ : ਐੱਸਡੀਐੱਮ ਵਿਕਰਮਜੀਤ ਬਾਂਸਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਉਣ ਵਾਲੇ ਤਿਉਹਾਰਾਂ ਨੂੰ ਸ਼ਾਂਤੀਪੂਰਵਕ, ਸੁਰੱਖਿਅਤ ਅਤੇ ਵਾਤਾਵਰਨ ਪੱਖੋਂ ਸੁਚੱਜੇ ਢੰਗ ਨਾਲ ਮਨਾਉਣ ਲਈ ਜੈਤੋ ਪ੍ਰਸ਼ਾਸਨ ਵੱਲੋਂ ਪਟਾਖੇ ਚਲਾਉਣ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਪ ਮੰਡਲ ਮੈਜਿਸਟਰੇਟ ਜੈਤੋ ਵਿਕਰਮਜੀਤ ਬਾਂਸਲ (ਪੀਸੀਐੱਸ) ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਖੇ ਚਲਾਉਣ ਲਈ ਸਮਾਂ ਨਿਰਧਾਰਿਤ ਕੀਤਾ ਹੈ। ਐੱਸਡੀਐੱਮ ਵੱਲੋਂ ਜਾਰੀ ਹਦਾਇਤਾਂ ਅਨੁਸਾਰ 8 ਨਵੰਬਰ, 2026 ਨੂੰ ਦੀਵਾਲੀ ਦੇ ਤਿਉਹਾਰ ਮੌਕੇ ਲੋਕ ਸਿਰਫ਼ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਖੇ ਚਲਾ ਸਕਣਗੇ। ਇਸੇ ਤਰ੍ਹਾਂ 24 ਨਵੰਬਰ ਨੂੰ ਗੁਰਪੁਰਬ ਮੌਕੇ ਪਟਾਖੇ ਚਲਾਉਣ ਲਈ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕ੍ਰਿਸਮਸ ਦੇ ਤਿਉਹਾਰ ਮੌਕੇ 25 ਅਤੇ 26 ਦਸੰਬਰ ਦੀ ਦਰਮਿਆਨੀ ਰਾਤ ਨੂੰ 11:55 ਵਜੇ ਤੋਂ ਅਗਲੇ ਦਿਨ ਸਵੇਰੇ 12:30 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 11:55 ਵਜੇ ਤੋਂ ਸਵੇਰੇ 12:55 ਵਜੇ ਤੱਕ ਪਟਾਖੇ ਚਲਾਏ ਜਾ ਸਕਣਗੇ। ਵਿਕਰਮਜੀਤ ਬਾਂਸਲ ਨੇ ਕਿਹਾ ਕਿ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ, ਖੁਸ਼ੀਆਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਇਨ੍ਹਾਂ ਮੌਕਿਆਂ ’ਤੇ ਖੁਸ਼ੀਆਂ ਸਾਂਝੀਆਂ ਕਰਨਾ ਚੰਗੀ ਗੱਲ ਹੈ, ਪਰ ਪਟਾਖਿਆਂ ਦੀ ਬੇਲੋੜੀ ਅਤੇ ਬੇਕਾਬੂ ਵਰਤੋਂ ਨਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ। ਇਸ ਦੇ ਨਾਲ ਹੀ ਅੱਗ ਲੱਗਣ, ਸੱਟਾਂ ਲੱਗਣ ਅਤੇ ਹੋਰ ਅਣਸੁਖਾਵੇਂ ਹਾਦਸੇ ਵਾਪਰਨ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਸਿਹਤ, ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਇਹ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਨਿਰਧਾਰਿਤ ਸਮੇਂ ਦੌਰਾਨ ਹੀ ਪਟਾਖੇ ਚਲਾਉਣ ਅਤੇ ਵਾਤਾਵਰਨ ਲਈ ਘੱਟ ਨੁਕਸਾਨਦੇਹ ਗਰੀਨ ਪਟਾਖਿਆਂ ਨੂੰ ਤਰਜੀਹ ਦੇਣ। ਖ਼ਾਸ ਕਰਕੇ ਬੱਚਿਆਂ ਨੂੰ ਪਟਾਖੇ ਚਲਾਉਣ ਸਮੇਂ ਇਕੱਲਿਆਂ ਨਾ ਛੱਡਿਆ ਜਾਵੇ ਅਤੇ ਸੁਰੱਖਿਆ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਵਿਸਫੋਟਕ ਸਮੱਗਰੀ ਦੇ ਨਿਰਮਾਣ, ਭੰਡਾਰਨ, ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵੀ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਐੱਸਡੀਐੱਮ ਨੇ ਜੈਤੋ ਹਲਕੇ ਦੇ ਸਮੂਹ ਵਸਨੀਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਦੂਜਿਆਂ ਦੀ ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਹੈ। ਸਾਰਿਆਂ ਦੇ ਸਾਂਝੇ ਯਤਨਾਂ ਨਾਲ ਤਿਉਹਾਰਾਂ ਨੂੰ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਅਤ ਮਾਹੌਲ ਵਿੱਚ ਮਨਾਇਆ ਜਾ ਸਕਦਾ ਹੈ।