- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਆਪਰੇਟਿਵ ਸੁਸਾਇਟੀਆਂ ਦੀ ਨਵੀਂ ਕੇਸੀਸੀ ਨੀਤੀ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਾਉਣ ਵਾਲੀ : ਨਛੱਤਰ ਸਿੰਘ ਜੈਤੋ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਕੋਆਪਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਂਦੇ ਕਰਜ਼ਿਆਂ ਸਬੰਧੀ ਨਵੀਂ ਕਿਸਾਨ ਕਰੈਡਿਟ ਕਾਰਡ (ਕੇਸੀਸੀ) ਨੀਤੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਇਤਰਾਜ਼ ਜਤਾਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਨਛੱਤਰ ਸਿੰਘ ਜੈਤੋ ਨੇ ਨਵੀਂ ਨੀਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਦੀਆਂ ਸ਼ਰਤਾਂ ਕਿਸਾਨਾਂ ਲਈ ਨਵੀਆਂ ਮੁਸ਼ਕਲਾਂ ਖੜ੍ਹੀਆਂ ਕਰਨ ਵਾਲੀਆਂ ਹਨ ਅਤੇ ਇਸ ਨਾਲ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਵੇਗਾ। ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਖੇਤੀ ਮਸ਼ੀਨਰੀ ਦੀਆਂ ਕੀਮਤਾਂ ਕਾਰਨ ਆਰਥਿਕ ਤੰਗੀ ਵਿੱਚੋਂ ਲੰਘ ਰਿਹਾ ਹੈ। ਇਸ ਦੇ ਨਾਲ ਹੀ ਫ਼ਸਲਾਂ ਦੇ ਵਾਜਬ ਭਾਅ ਪ੍ਰਾਪਤ ਕਰਨ ਲਈ ਵੀ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਹਾਲਾਤ ਵਿੱਚ ਸਹਿਕਾਰੀ ਸੁਸਾਇਟੀਆਂ ਰਾਹੀਂ ਮਿਲਣ ਵਾਲਾ ਕਰਜ਼ਾ ਕਿਸਾਨਾਂ ਲਈ ਖੇਤੀਬਾੜੀ ਦੇ ਰੋਜ਼ਾਨਾ ਖ਼ਰਚੇ ਪੂਰੇ ਕਰਨ ਦਾ ਅਹਿਮ ਸਾਧਨ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਦੀ ਸਥਾਪਨਾ ਦਾ ਮੂਲ ਉਦੇਸ਼ ਕਿਸਾਨਾਂ ਨੂੰ ਆਸਾਨ ਸ਼ਰਤਾਂ ’ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਪਰ ਜੇਕਰ ਕਰਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਗੁੰਝਲਦਾਰ ਬਣਾਇਆ ਜਾਂਦਾ ਹੈ ਜਾਂ ਕਿਸਾਨਾਂ ਉੱਤੇ ਵਾਧੂ ਵਿੱਤੀ ਸ਼ਰਤਾਂ ਥੋਪੀਆਂ ਜਾਂਦੀਆਂ ਹਨ ਤਾਂ ਇਸ ਦਾ ਸਭ ਤੋਂ ਵੱਧ ਅਸਰ ਛੋਟੇ ਅਤੇ ਦਰਮਿਆਨੇ ਕਿਸਾਨਾਂ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰਨ ਵਾਲੀ ਕਿਸੇ ਵੀ ਨੀਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨ ਆਗੂ ਨਛੱਤਰ ਸਿੰਘ ਜੈਤੋ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਜ਼ੋਰਦਾਰ ਮੰਗ ਕੀਤੀ ਕਿ ਕੋਆਪਰੇਟਿਵ ਸੁਸਾਇਟੀਆਂ ਦੀ ਨਵੀਂ ਕੇਸੀਸੀ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਨਵੀਂ ਨੀਤੀ ਬਣਾਉਣ ਜਾਂ ਲਾਗੂ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਦੀਆਂ ਅਸਲ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਕਿਸਾਨ-ਪੱਖੀ ਫ਼ੈਸਲੇ ਲਏ ਜਾ ਸਕਣ। ਨਛੱਤਰ ਸਿੰਘ ਜੈਤੋ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਇਸ ਨੀਤੀ ਨੂੰ ਵਾਪਸ ਨਾ ਲਿਆ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਪੰਜਾਬ ਵੱਲੋਂ ਇਸ ਦੇ ਵਿਰੋਧ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਜਥੇਬੰਦੀ ਪੂਰੀ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕਰੇਗੀ।