- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਮਿਡਲ ਸਕੂਲ ਭਗਤੂਆਣਾ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪਿੰਡ ਰਾਮਗੜ੍ਹ (ਭਗਤੂਆਣਾ) ਦੇ ਸਰਕਾਰੀ ਮਿਡਲ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ 3 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਵਿਕਾਸ ਕਾਰਜ ਦਾ ਆਗਾਜ਼ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਤੇ ਮੀਤ ਪ੍ਰਧਾਨ ਡਾ. ਲਛਮਣ ਸ਼ਰਮਾ ਭਗਤੂਆਣਾ ਵੱਲੋਂ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੜ੍ਹਾਈ ਦੇ ਨਾਲ-ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨਾ ਵੀ ਬੇਹੱਦ ਜ਼ਰੂਰੀ ਹੈ। ਸਰਕਾਰੀ ਸਕੂਲ ਸਾਡੇ ਸਮਾਜ ਦੀ ਅਹਿਮ ਸੰਪਤੀ ਹਨ, ਜਿੱਥੇ ਹਜ਼ਾਰਾਂ ਬੱਚੇ ਆਪਣੇ ਸੁਨਹਿਰੀ ਭਵਿੱਖ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿੱਖਿਆ ਪ੍ਰਾਪਤ ਕਰਦੇ ਹਨ। ਇਸ ਲਈ ਇਨ੍ਹਾਂ ਸੰਸਥਾਵਾਂ ਵਿੱਚ ਬਿਹਤਰ ਸਹੂਲਤਾਂ, ਸਾਫ਼-ਸਫ਼ਾਈ ਅਤੇ ਸੁਖਾਵਾਂ ਵਾਤਾਵਰਨ ਯਕੀਨੀ ਬਣਾਉਣਾ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਹੋਣ ਨਾਲ ਨਾ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਮਿਲਦਾ ਹੈ, ਸਗੋਂ ਅਧਿਆਪਕਾਂ ਨੂੰ ਵੀ ਆਪਣੀਆਂ ਵਿਦਿਅਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸਹੂਲਤ ਹੁੰਦੀ ਹੈ। ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਪਿੰਡਾਂ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਹੋਰ ਜਨਤਕ ਅਦਾਰਿਆਂ ਦੀ ਦਿੱਖ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਸਮਾਜ ਦੀ ਤਰੱਕੀ ਦਾ ਆਧਾਰ ਹੈ ਅਤੇ ਇਸ ਲਈ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਸਕੂਲ ਵਿੱਚ ਇੰਟਰਲਾਕ ਟਾਇਲਾਂ ਲੱਗਣ ਨਾਲ ਸਕੂਲ ਦੇ ਵਿਹੜੇ ਅਤੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਬਰਸਾਤ ਦੇ ਮੌਸਮ ਦੌਰਾਨ ਚਿੱਕੜ ਅਤੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਤੋਂ ਵੀ ਕਾਫ਼ੀ ਹੱਦ ਤੱਕ ਨਿਜ਼ਾਤ ਮਿਲਣ ਦੀ ਉਮੀਦ ਹੈ। ਇਸ ਨਾਲ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਵਧੇਰੇ ਸਹੂਲਤ ਮਿਲੇਗੀ। ਇਸ ਮੌਕੇ ਸਕੂਲ ਇੰਚਾਰਜ ਸੁਖਜੀਤ ਕੌਰ, ਅਧਿਆਪਕ ਬਿਸ਼ਪਨ ਗਰਗ, ਅਧਿਆਪਕ ਰਣਜੀਤ ਸਿੰਘ, ‘ਆਪ’ ਆਗੂ ਬੱਬਲਜੀਤ ਸਿੰਘ ਜੈਤੋ, ਗੁਰਸੇਵਕ ਸਿੰਘ ਜੈਤੋ, ਨਵਦੀਪ ਸਿੰਘ ਮਾਨ, ਜਤਿੰਦਰ ਸ਼ਰਮਾ, ਓਂਕਾਰ ਸਿੰਘ ਬਾਸੀ, ਖੁਸ਼ਵਿੰਦਰ ਸਿੰਘ ਖੁਸ਼, ਸੰਧੂਰਾ ਸਿੰਘ, ਚਰਨਜੀਤ ਸਿੰਘ ਚੰਨੀ, ਪੰਚ ਮਨਜੀਤ ਸਿੰਘ, ਪੰਚ ਇੰਦਰਜੀਤ ਸਿੰਘ, ਪੰਚ ਬੋਹੜ ਸਿੰਘ, ਪੰਚ ਪਰਮਜੀਤ ਕੌਰ, ਮੇਜਰ ਸਿੰਘ, ਦੇਵਰਾਜ ਸਿੰਘ, ਗੁਰਜੀਤ ਸਿੰਘ ਖਾਲਸਾ, ਜਰਨੈਲ ਸਿੰਘ ਜੇਲਾ, ਨਰਾਇਣ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।