- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਗੋਲਡੂ ਮਿੱਤਲ ਅਤੇ ਸੋਨੂੰ ਸ਼ਰਮਾ ਵੱਲੋਂ ਅਪੀਲ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜੈਤੋ (ਜ਼ਿਲ੍ਹਾ ਫ਼ਰੀਦਕੋਟ) ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ, ਹਰਿਆ-ਭਰਿਆ ਅਤੇ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸੇ ਸੋਚ ਅਤੇ ਲੋਕ-ਹਿੱਤ ਦੀ ਭਾਵਨਾ ਤਹਿਤ ਜੈਤੋ ਦੇ ਪ੍ਰਸਿੱਧ ਵਕੀਲ ਅਮਿਤ ਕੁਮਾਰ ‘ਗੋਲਡੂ ਮਿੱਤਲ’ ਅਤੇ ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਅਤੇ ਉੱਘੇ ਕ੍ਰਿਕਟ ਖਿਡਾਰੀ ਕੋਮਲ ਕੁਮਾਰ ‘ਸੋਨੂੰ ਸ਼ਰਮਾ’ ਵੱਲੋਂ ਸ਼ਹਿਰ ਵਾਸੀਆਂ ਨੂੰ ਸਫ਼ਾਈ, ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦੀ ਅਸਲ ਪਹਿਚਾਣ ਉਸ ਦੀਆਂ ਸਾਫ਼-ਸੁਥਰੀਆਂ ਗਲੀਆਂ, ਸੁੰਦਰ ਸੜਕਾਂ, ਹਰਿਆ-ਭਰਿਆ ਵਾਤਾਵਰਣ ਅਤੇ ਉੱਥੋਂ ਦੇ ਵਸਨੀਕਾਂ ਦੀ ਜਾਗਰੂਕਤਾ ਤੋਂ ਹੁੰਦੀ ਹੈ। ਜੇਕਰ ਸ਼ਹਿਰ ਨੂੰ ਸੁੰਦਰ ਬਣਾਉਣ ਦਾ ਸੁਪਨਾ ਸਾਕਾਰ ਕਰਨਾ ਹੈ ਤਾਂ ਇਸ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਹਰੇਕ ਨਾਗਰਿਕ ਨੂੰ ਵੀ ਆਪਣਾ ਯੋਗਦਾਨ ਪਾਉਣਾ ਪਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ, ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ, ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਨੂੰ ਗੰਦਗੀ ਤੋਂ ਮੁਕਤ ਰੱਖਿਆ ਜਾਵੇ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। ਇਸ ਦੇ ਨਾਲ ਹੀ ਸੜਕਾਂ, ਗਲੀਆਂ ਅਤੇ ਜਨਤਕ ਸਹੂਲਤਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ, ਨੌਜਵਾਨਾਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨੂੰ ਇਕਜੁੱਟ ਹੋ ਕੇ ਸਫ਼ਾਈ ਮੁਹਿੰਮਾਂ ਅਤੇ ਲੋਕ-ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਰਕਾਰੀ ਤੰਤਰ ਨਾਲ ਮਿਲ ਕੇ ਸ਼ਹਿਰ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਲੋਕਾਂ ਦਾ ਸਹਿਯੋਗ ਬੇਹੱਦ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੀ ਸਭ ਤੋਂ ਵੱਡੀ ਦੇਣ ਹੈ। ਇਸ ਲਈ ਸਾਨੂੰ ਸਿਰਫ਼ ਆਪਣੇ ਘਰਾਂ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੂਰੇ ਸ਼ਹਿਰ ਨੂੰ ਆਪਣਾ ਪਰਿਵਾਰ ਸਮਝਦਿਆਂ ਇਸ ਦੀ ਸਫ਼ਾਈ ਅਤੇ ਸੁੰਦਰਤਾ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਅੰਤ ਵਿੱਚ ਅਮਿਤ ਕੁਮਾਰ ‘ਗੋਲਡੂ ਮਿੱਤਲ’ ਅਤੇ ਕੋਮਲ ‘ਸੋਨੂੰ ਸ਼ਰਮਾ’ ਨੇ ਸਮੂਹ ਜੈਤੋ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਆਪਸੀ ਸਹਿਯੋਗ, ਏਕਤਾ ਅਤੇ ਜਾਗਰੂਕਤਾ ਨਾਲ ਜੈਤੋ ਨੂੰ ਸਾਫ਼-ਸੁਥਰਾ, ਸੁੰਦਰ, ਸੁਰੱਖਿਅਤ ਅਤੇ ਹਰਿਆ-ਭਰਿਆ ਸ਼ਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ, ਕਿਉਂਕਿ ਸ਼ਹਿਰ ਦੀ ਤਰੱਕੀ ਅਤੇ ਖ਼ੁਸ਼ਹਾਲੀ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।