- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਦੀ ਤਬਦੀਲੀ ਦੌਰਾਨ ਸਿਹਤ ਦਾ ਰੱਖੋ ਖ਼ਾਸ ਖ਼ਿਆਲ : ਡਾ. ਵਰਿੰਦਰ ਕੁਮਾਰ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੌਸਮ ਵਿੱਚ ਆ ਰਹੀ ਤਬਦੀਲੀ ਅਤੇ ਤਾਪਮਾਨ ਦੇ ਉਤਰਾਅ-ਚੜ੍ਹਾਅ ਕਾਰਨ ਖੰਘ, ਜ਼ੁਕਾਮ, ਨੱਕ ਵਗਣ, ਛਿੱਕਾਂ ਅਤੇ ਗਲੇ ਦੀ ਖਰਾਸ਼ ਵਰਗੀਆਂ ਸਮੱਸਿਆਵਾਂ ਵਿੱਚ ਵਾਧਾ ਹੋ ਸਕਦਾ ਹੈ। ਅਜਿਹੇ ਸਮੇਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਵਧੇਰੇ ਸੁਚੇਤ ਰਹਿਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ ਹੈ। ਇਹ ਗੱਲ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਮਓ) ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਮੌਸਮ ਬਦਲਣ ਸਮੇਂ ਵਾਇਰਲ ਇਨਫੈਕਸ਼ਨ ਅਤੇ ਐਲਰਜੀ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ। ਇਸ ਦਾ ਅਸਰ ਖ਼ਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਉੱਤੇ ਵਧੇਰੇ ਪੈ ਸਕਦਾ ਹੈ। ਇਸ ਲਈ ਸਵੇਰੇ ਅਤੇ ਸ਼ਾਮ ਸਮੇਂ ਠੰਢ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਬੱਚਿਆਂ ਤੇ ਬਜ਼ੁਰਗਾਂ ਨੂੰ ਠੰਢੀਆਂ ਹਵਾਵਾਂ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਨਿੱਜੀ ਸਫ਼ਾਈ ਵੀ ਬਿਮਾਰੀਆਂ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਖਾਣਾ ਖਾਣ ਤੋਂ ਪਹਿਲਾਂ ਅਤੇ ਬਾਹਰੋਂ ਘਰ ਆਉਣ ਉਪਰੰਤ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਖੰਘ ਜਾਂ ਛਿੱਕ ਆਉਣ ਸਮੇਂ ਰੁਮਾਲ ਜਾਂ ਟਿਸ਼ੂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਜ਼ੁਕਾਮ ਜਾਂ ਖੰਘ ਦੇ ਲੱਛਣ ਹੋਣ ਤਾਂ ਉਸ ਨੂੰ ਦੂਜਿਆਂ ਦੇ ਨਜ਼ਦੀਕੀ ਸੰਪਰਕ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਲਈ ਪੌਸ਼ਟਿਕ ਭੋਜਨ, ਹਰੀਆਂ ਸਬਜ਼ੀਆਂ, ਮੌਸਮੀ ਫਲ ਅਤੇ ਲੋੜੀਂਦਾ ਪਾਣੀ ਲੈਣਾ ਚਾਹੀਦਾ ਹੈ। ਰੋਜ਼ਾਨਾ ਪੂਰੀ ਨੀਂਦ ਲੈਣ ਦੇ ਨਾਲ-ਨਾਲ ਘਰ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਵੀ ਜ਼ਰੂਰੀ ਹੈ। ਧੂੜ, ਪ੍ਰਦੂਸ਼ਣ ਅਤੇ ਤੰਬਾਕੂ ਦੇ ਧੂੰਏਂ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਇਹ ਸਾਹ ਦੀਆਂ ਤਕਲੀਫ਼ਾਂ ਨੂੰ ਹੋਰ ਗੰਭੀਰ ਕਰ ਸਕਦੇ ਹਨ। ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੰਘ ਅਤੇ ਜ਼ੁਕਾਮ ਹੋਣ ਦੀ ਸੂਰਤ ਵਿੱਚ ਬਿਨਾਂ ਡਾਕਟਰੀ ਸਲਾਹ ਤੋਂ ਐਂਟੀਬਾਇਓਟਿਕ ਜਾਂ ਹੋਰ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ। ਬੱਚਿਆਂ ਨੂੰ ਵੀ ਆਪਣੀ ਮਰਜ਼ੀ ਨਾਲ ਦਵਾਈ ਦੇਣ ਦੀ ਬਜਾਏ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਛਾਤੀ ਵਿੱਚ ਦਰਦ, ਲਗਾਤਾਰ ਵਧਦੀ ਖੰਘ ਜਾਂ ਸਾਹ ਲੈਣ ਵਿੱਚ ਦਿੱਕਤ ਆਉਂਦੀ ਹੈ ਤਾਂ ਬਿਨਾਂ ਦੇਰੀ ਕੀਤੇ ਸਿਹਤ ਸੰਸਥਾ ਵਿੱਚ ਪਹੁੰਚ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਅੰਤ ਵਿੱਚ ਐੱਸਐੱਮਓ ਡਾ. ਵਰਿੰਦਰ ਕੁਮਾਰ ਨੇ ਕਿਹਾ ਕਿ ਸਿਹਤ ਪ੍ਰਤੀ ਜਾਗਰੂਕਤਾ, ਸਫ਼ਾਈ ਅਤੇ ਸਮੇਂ ਸਿਰ ਡਾਕਟਰੀ ਸਲਾਹ ਲੈਣ ਨਾਲ ਮੌਸਮ ਦੀ ਤਬਦੀਲੀ ਕਾਰਨ ਹੋਣ ਵਾਲੀਆਂ ਕਈ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਤਰਜੀਹ ਦਿੰਦਿਆਂ ਲੋੜੀਂਦੀਆਂ ਸਾਵਧਾਨੀਆਂ ਜ਼ਰੂਰ ਵਰਤਣ।