ਬੱਚਿਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਦਿੱਤੀ ਜਾਣਕਾਰੀ ਬੱਚਿਆਂ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਦੇਣ ਲਈ ਸਕੂਲਾਂ ਤੱਕ ਪਹੁੰਚੀ ਕਾਨੂੰਨੀ ਸੇਵਾਵਾਂ ਅਥਾਰਟੀ
Publish Date: Sat, 31 Oct 2026 04:14 PM (IST)
Updated Date: Sat, 31 Oct 2026 04:17 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ : ਬੱਚਿਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਾ ਸਿਰਫ਼ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਕਾਨੂੰਨਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਸਗੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਗਲਤ ਵਿਹਾਰ ਵਿਰੁੱਧ ਆਵਾਜ਼ ਉਠਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਸੁਰੱਖਿਅਤ ਬਚਪਨ ਮੁਹਿੰਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਰਹਿਨੁਮਾਈ ਹੇਠ ਅੱਗੇ ਵਧਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ 200 ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਸੈਮੀਨਾਰਾਂ ਦੌਰਾਨ ਜੁਡੀਸ਼ੀਅਲ ਅਧਿਕਾਰੀਆਂ, ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਬੱਚਿਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਨੂੰ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਵਿੱਚ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ, ਬਾਲ ਅਧਿਕਾਰ, ਬਾਲ ਸ਼ੋਸ਼ਣ, ਬਾਲ ਵਿਆਹ ਦੀ ਰੋਕਥਾਮ ਅਤੇ ਇਨ੍ਹਾਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਸਮਝਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਦੇ ਡਿਜੀਟਲ ਦੌਰ ਵਿੱਚ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਅਤ ਕਲਿੱਕ, ਸੁਰੱਖਿਅਤ ਬਚਪਨ ਵਿਸ਼ੇ ਉੱਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਬੱਚਿਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਅਣਚਾਹੇ ਵਿਹਾਰ, ਸ਼ੋਸ਼ਣ ਜਾਂ ਮੁਸ਼ਕਲ ਦੀ ਸਥਿਤੀ ਵਿੱਚ ਚੁੱਪ ਰਹਿਣ ਦੀ ਬਜਾਏ ਭਰੋਸੇਯੋਗ ਵਿਅਕਤੀ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਮੇਰਾ ਬਚਪਨ ਮੇਰਾ ਅਧਿਕਾਰ , ਕਾਨੂੰਨੀ ਜਾਣੋ, ਬਚਪਨ ਬਚਾਓ , ਬੋਲੋ, ਦੱਸੋ ਅਤੇ ਬਚਾਓ , ਨਾ ਬਾਲ ਵਿਆਹ, ਨਾ ਬਾਲ ਸ਼ੋਸ਼ਣ ਅਤੇ ਜਾਗਰੂਕ ਬਚਪਨ, ਸਿੱਖਿਅਤ ਭਾਰਤ ਵਰਗੇ ਵਿਸ਼ਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਸੈਮੀਨਾਰਾਂ ਨੂੰ ਸਫ਼ਲ ਬਣਾਉਣ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਮੌਜੂਦਾ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਸੁਰੱਖਿਅਤ ਬਚਪਨ ਲਈ ਸਮਾਜਿਕ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੇ ਜੁਡੀਸ਼ੀਅਲ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਅਫ਼ਸਰ, ਪੈਨਲ ਐਡਵੋਕੇਟਾਂ, ਸਕੂਲ ਮੁਖੀਆਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਵੀ ਕੀਤਾ।