- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਨੇ ਮੌਕਾ ਦਿੱਤਾ ਤਾਂ ਫ਼ਰੀਦਕੋਟ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲੈ ਕੇ ਜਾਵਾਂਗਾ : ਅਰਸ਼ ਸੱਚਰ*

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਫ਼ਰੀਦਕੋਟ ਹਲਕੇ ਵਿੱਚ ਆਗੂਆਂ ਵੱਲੋਂ ਆਪਣੀਆਂ ਸਿਆਸੀ ਤਰਜੀਹਾਂ ਅਤੇ ਵਿਕਾਸ ਸਬੰਧੀ ਸੋਚ ਲੋਕਾਂ ਸਾਹਮਣੇ ਰੱਖੀ ਜਾਣ ਲੱਗੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਅਰਸ਼ ਸੱਚਰ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ ਅਤੇ ਹਲਕੇ ਦੇ ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਉਹ ਫ਼ਰੀਦਕੋਟ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਸੋਚ ਦਾ ਕੇਂਦਰ ਕੋਈ ਅਹੁਦਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ। ਉਨ੍ਹਾਂ ਮੁਤਾਬਕ ਹਲਕੇ ਦੇ ਵਿਕਾਸ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਰੱਖਣ ਦੀ ਬਜਾਏ ਸਿੱਖਿਆ, ਸਿਹਤ, ਕਿਸਾਨੀ, ਪੀਣ ਵਾਲੇ ਪਾਣੀ, ਸੜਕਾਂ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਨਾ ਹੀ ਕਿਸੇ ਸਿਫ਼ਾਰਸ਼ ਦੀ ਲੋੜ ਪਵੇ, ਇਸ ਦਿਸ਼ਾ ਵਿੱਚ ਪ੍ਰਭਾਵਸ਼ਾਲੀ ਪ੍ਰਬੰਧ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਲੋਕਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਪਾਰਦਰਸ਼ੀ ਹੈਲਪਲਾਈਨ ਅਤੇ ਉਨ੍ਹਾਂ ਦੀ ਕਾਰਵਾਈ ਦੀ ਸਥਿਤੀ ਜਾਣਨ ਲਈ ਟ੍ਰੈਕਿੰਗ ਪ੍ਰਣਾਲੀ ਲਾਗੂ ਕਰਨ ਦੇ ਨਾਲ 24 ਘੰਟਿਆਂ ਅੰਦਰ ਮੁੱਢਲੀ ਕਾਰਵਾਈ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀਆਂ ਸਹੂਲਤਾਂ ਵਿੱਚ ਸੁਧਾਰ, ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ, ਪਿੰਡਾਂ ਅਤੇ ਸ਼ਹਿਰ ਦੇ ਮੁਹੱਲਿਆਂ ਵਿੱਚ ਸਾਫ਼ ਪਾਣੀ, ਬਿਹਤਰ ਸੜਕਾਂ, ਸਟਰੀਟ ਲਾਈਟਾਂ ਅਤੇ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਦੇ ਵਿਕਾਸ ਏਜੰਡੇ ਦਾ ਹਿੱਸਾ ਹੋਵੇਗਾ। ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਲਕੇ ਦੇ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਬਿਨਾਂ ਕਿਸੇ ਸਰਕਾਰੀ ਅਹੁਦੇ ਦੇ ਵੀ ਉਨ੍ਹਾਂ ਨੇ ਲੋਕਾਂ ਦੇ ਮਸਲੇ ਉਠਾਏ ਹਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੇ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਜੇਕਰ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਸਿਰਫ਼ ਵਾਅਦੇ ਕਰਨ ਦੀ ਬਜਾਏ ਕੰਮ ਦੇ ਆਧਾਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਦਾ ਟੀਚਾ ਫ਼ਰੀਦਕੋਟ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਉਣ ਦੇ ਨਾਲ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹੂਲਤਾਂ ਦਿਵਾਉਣਾ ਹੈ।