- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਦਲ ਸਿੰਘ ਵਾਲਾ ’ਚ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੇਂਡੂ ਖੇਤਰਾਂ ਵਿੱਚ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਦਿਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਦਲ ਸਿੰਘ ਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਅਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਅਤੇ ਪਿੰਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਰਲਾਲ ਸਿੰਘ ਬਰਾੜ ਵੱਲੋਂ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਪ੍ਰਾਪਰਟੀ ਰਜਿਸਟਰੀਆਂ ਅਤੇ ਪ੍ਰਾਪਰਟੀ ਕਾਰਡ ਸੌਂਪੇ ਗਏ। ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਪ੍ਰਾਪਤ ਕਰਕੇ ਲਾਭਪਾਤਰੀ ਪਰਿਵਾਰਾਂ ਨੇ ਖ਼ੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਅਤੇ ਡਾ. ਗੁਰਲਾਲ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ। ‘ਮੇਰਾ ਘਰ, ਮੇਰੇ ਨਾਮ’ ਸਕੀਮ ਇਸ ਦਿਸ਼ਾ ਵਿੱਚ ਇੱਕ ਅਹਿਮ ਪਹਿਲਕਦਮੀ ਹੈ, ਜਿਸ ਰਾਹੀਂ ਲਾਲ ਲਕੀਰ ਦੇ ਅੰਦਰ ਸਥਿਤ ਮਕਾਨਾਂ ਵਿੱਚ ਪੀੜ੍ਹੀਆਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕਾਨਾ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਆਪਣੀ ਜਾਇਦਾਦ ਦੀ ਮਾਲਕੀ ਸਾਬਤ ਕਰਨ ਲਈ ਪੁਖ਼ਤਾ ਕਾਨੂੰਨੀ ਦਸਤਾਵੇਜ਼ ਨਹੀਂ ਸਨ। ਇਸ ਕਾਰਨ ਉਨ੍ਹਾਂ ਨੂੰ ਜਾਇਦਾਦ ਦੀ ਖਰੀਦੋ-ਫਰੋਖ਼ਤ ਅਤੇ ਹੋਰ ਵਿੱਤੀ ਤੇ ਸਰਕਾਰੀ ਕੰਮਾਂ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਤਹਿਤ ਦਸਤਾਵੇਜ਼ ਮਿਲਣ ਨਾਲ ਅਜਿਹੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਉਨ੍ਹਾਂ ਦੀ ਵਰ੍ਹਿਆਂ ਪੁਰਾਣੀ ਮੰਗ ਪੂਰੀ ਹੋ ਰਹੀ ਹੈ। ‘ਆਪ’ ਆਗੂਆਂ ਨੇ ਦੱਸਿਆ ਕਿ ਪ੍ਰਾਪਰਟੀ ਕਾਰਡਾਂ ਦਾ ਮਾਲ ਵਿਭਾਗ ਦੇ ਰਿਕਾਰਡ ਅਤੇ ਜਮ੍ਹਾਂਬੰਦੀ ਵਿੱਚ ਬਾਕਾਇਦਾ ਇੰਦਰਾਜ਼ ਕੀਤਾ ਜਾਵੇਗਾ, ਜਿਸ ਨਾਲ ਲਾਭਪਾਤਰੀਆਂ ਨੂੰ ਆਪਣੀ ਜਾਇਦਾਦ ਸਬੰਧੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦਾ ਸਬੂਤ ਮਿਲੇਗਾ। ਇਨ੍ਹਾਂ ਦਸਤਾਵੇਜ਼ਾਂ ਨਾਲ ਲੋਕ ਆਪਣੀ ਜਾਇਦਾਦ ਦੀ ਖਰੀਦੋ-ਫਰੋਖ਼ਤ ਆਸਾਨੀ ਨਾਲ ਕਰ ਸਕਣਗੇ। ਇਸ ਤੋਂ ਇਲਾਵਾ ਬੈਂਕਾਂ ਦੀਆਂ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਉਪਰੰਤ ਘਰ ਦੀ ਉਸਾਰੀ, ਮੁਰੰਮਤ ਅਤੇ ਹੋਰ ਜ਼ਰੂਰੀ ਘਰੇਲੂ ਲੋੜਾਂ ਲਈ ਕਰਜ਼ਾ ਪ੍ਰਾਪਤ ਕਰਨ ਵਿੱਚ ਵੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਇੱਕ ਹੋਰ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਇਹ ਦਸਤਾਵੇਜ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਆਮ ਪਰਿਵਾਰਾਂ ਉੱਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਪੱਕਾ ਸਬੂਤ ਮਿਲਣਾ ਹਰੇਕ ਪਰਿਵਾਰ ਲਈ ਮਾਣ, ਖ਼ੁਸ਼ੀ ਅਤੇ ਆਤਮ-ਸੰਤੁਸ਼ਟੀ ਦਾ ਵਿਸ਼ਾ ਹੈ। ਲੋਕ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਤਹਿਸੀਲਦਾਰ ਜੈਤੋ ਅਮਨਦੀਪ ਗੋਇਲ, ਪੰਚ ਕੁਲਦੀਪ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਗੁਰਮੇਲ ਸਿੰਘ ਅਤੇ ਪੰਚ ਸਤਿਨਾਮ ਸਿੰਘ ਹਾਜ਼ਰ ਸਨ।