- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਸਾੜਨ ਤੋਂ ਰੋਕਣ ਲਈ ਫ਼ਰੀਦਕੋਟ ਪੁਲਿਸ ਨੇ ਪਿੰਡਾਂ ਵਿੱਚ ਵਧਾਈ ਸਰਗਰਮੀ, ਕਿਸਾਨਾਂ ਨਾਲ ਕੀਤਾ ਸਿੱਧਾ ਸੰਵਾਦ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਵਿਭਾਗ ਨੇ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਫ਼ਰੀਦਕੋਟ ਪੁਲਿਸ ਵੱਲੋਂ ਹੁਣ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪੁਲਿਸ ਅਧਿਕਾਰੀ ਸਿਰਫ਼ ਨਿਗਰਾਨੀ ਹੀ ਨਹੀਂ ਕਰ ਰਹੇ, ਸਗੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਵੀ ਕਰ ਰਹੇ ਹਨ। ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਿਵਲ ਪ੍ਰਸ਼ਾਸਨ ਦੇ ਕਲੱਸਟਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਪਿੰਡ ਰੋਮਾਣਾ ਅਜੀਤ ਸਿੰਘ, ਪੱਕਾ, ਅਰਾਈਆਂਵਾਲਾ, ਪਿਪਲੀ, ਬਰਗਾੜੀ, ਮੱਤਾ, ਮੌੜ ਅਤੇ ਡੋਡ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਸਿਰਫ਼ ਹਵਾ ਪ੍ਰਦੂਸ਼ਣ ਦਾ ਕਾਰਨ ਹੀ ਨਹੀਂ ਬਣਦਾ, ਸਗੋਂ ਇਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਅਤੇ ਖੇਤੀਬਾੜੀ ਦੀ ਜ਼ਮੀਨ ’ਤੇ ਵੀ ਪੈਂਦਾ ਹੈ। ਅੱਗ ਕਾਰਨ ਮਿੱਟੀ ਦੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਲਈ ਪਰਾਲੀ ਦੇ ਨਿਪਟਾਰੇ ਲਈ ਵਾਤਾਵਰਣ ਪੱਖੀ ਤਰੀਕੇ ਅਪਣਾਉਣੇ ਸਮੇਂ ਦੀ ਲੋੜ ਹਨ। ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਜ਼ਿਲ੍ਹੇ ਵਿੱਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਵਜੋਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮਕਸਦ ਕਿਸਾਨਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਪਰਾਲੀ ਦੇ ਬਦਲਵੇਂ ਪ੍ਰਬੰਧਨ ਲਈ ਉਤਸ਼ਾਹਿਤ ਕਰਨਾ ਹੈ। ਇਸ ਲਈ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ਅਤੇ ਪੁਲਿਸ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਐਸਐਸਪੀ ਨੇ ਪਿੰਡਾਂ ਦੀਆਂ ਪੰਚਾਇਤਾਂ, ਕਿਸਾਨ ਜਥੇਬੰਦੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣਾ ਕਿਸੇ ਇੱਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦਾ ਸਾਂਝਾ ਫਰਜ਼ ਹੈ। ਕਿਸਾਨਾਂ ਦੇ ਸਹਿਯੋਗ ਨਾਲ ਹੀ ਪ੍ਰਦੂਸ਼ਣ ਨੂੰ ਘਟਾ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕਦਾ ਹੈ।