ਅਮੋਲਕ ਸਿੰਘ ਨੂੰ ਮੁੜ ਟਿਕਟ ਮਿਲਣ 'ਤੇ ਸਰਪੰਚ ਬਾਗ਼ੋ-ਬਾਗ਼ ਅਮੋਲਕ ਸਿੰਘ ਨੂੰ ਮੁੜ ਟਿਕਟ ਮਿਲਣ 'ਤੇ ਸਰਪੰਚ ਬਾਗ਼ੋ-ਬਾਗ਼
Publish Date: Mon, 02 Nov 2026 04:26 PM (IST)
Updated Date: Mon, 02 Nov 2026 04:29 PM (IST)
ਸਰਪੰਚਾਂ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ, ਵੱਡੀ ਲੀਡ ਨਾਲ ਜਿੱਤ ਦਾ ਪ੍ਰਗਟਾਇਆ ਭਰੋਸਾ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੈਤੋ (ਰਾਖਵਾਂ) ਤੋਂ ਮੌਜੂਦਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਨਾਲ ਹਲਕੇ ਦੇ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਪੰਚਾਇਤੀ ਨੁਮਾਇੰਦਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਮੌਕਾ ਦੇਣਾ ਪਾਰਟੀ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਜਥੇਬੰਦਕ ਸਰਗਰਮੀਆਂ ਵਿੱਚ ਪ੍ਰਗਟਾਏ ਭਰੋਸੇ ਦਾ ਪ੍ਰਤੀਕ ਹੈ। ਇਸ ਮੌਕੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ਧੀਰਾ ਚਹਿਲ , ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ , ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ਜੱਸ ਬਰਾੜ ਅਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ਜੱਸੀ ਬਰਾੜ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਟਿਕਟ ਮਿਲਣ ਤੇ ਵਧਾਈ ਦਿੱਤੀ। ਸਰਪੰਚਾਂ ਨੇ ਕਿਹਾ ਕਿ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੀ ਕਾਰਜਸ਼ੈਲੀ, ਲੋਕਾਂ ਨਾਲ ਸਿੱਧਾ ਸੰਪਰਕ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਦਿਖਾਈ ਗਈ ਦਿਲਚਸਪੀ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅਨੁਸਾਰ ਵਿਧਾਇਕ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾਂਦੇ ਯਤਨਾਂ ਕਾਰਨ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਅਤੇ ਪਾਰਟੀ ਵਰਕਰਾਂ ਵਿੱਚ ਉਨ੍ਹਾਂ ਪ੍ਰਤੀ ਭਰੋਸਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਦੇ ਵਿਕਾਸ ਲਈ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ, ਸੜਕਾਂ, ਗਲੀਆਂ ਅਤੇ ਹੋਰ ਜਨਤਕ ਕੰਮਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ। ਸਰਪੰਚਾਂ ਨੇ ਦਾਅਵਾ ਕੀਤਾ ਕਿ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਕਾਰਜਕਾਲ ਦੌਰਾਨ ਪਿੰਡਾਂ ਦੇ ਵਿਕਾਸ ਨੂੰ ਸਿਆਸੀ ਪੱਖਪਾਤ ਤੋਂ ਉੱਪਰ ਰੱਖਦਿਆਂ ਵੱਖ-ਵੱਖ ਪਿੰਡਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣ ਵੱਲ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤਾਂ ਨਾਲ ਤਾਲਮੇਲ ਅਤੇ ਲੋਕਾਂ ਨਾਲ ਮਿਲਵਰਤਣ ਬਣਾਈ ਰੱਖਣਾ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਰਿਹਾ ਹੈ। ਇਸ ਦੌਰਾਨ ਸਰਪੰਚਾਂ ਨੇ ਪਿਛਲੇ ਸਮੇਂ ਦੇ ਵਿਧਾਇਕਾਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪਹਿਲਾਂ ਵਿਕਾਸ ਕਾਰਜਾਂ ਵਿੱਚ ਆਮ ਲੋਕਾਂ ਦੀਆਂ ਲੋੜਾਂ ਦੀ ਬਜਾਏ ਆਪਣੇ ਚਹੇਤਿਆਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਵਿਕਾਸ, ਪਾਰਦਰਸ਼ਤਾ ਅਤੇ ਜਵਾਬਦੇਹੀ ਵਰਗੇ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਨੁਮਾਇੰਦਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦੇ ਹਨ। ਸਰਪੰਚਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ, ਪੰਚਾਇਤੀ ਨੁਮਾਇੰਦਿਆਂ ਦੇ ਸਹਿਯੋਗ ਅਤੇ ਲੋਕਾਂ ਦੇ ਸਮਰਥਨ ਨਾਲ ਇੰਜੀਨੀਅਰ ਅਮੋਲਕ ਸਿੰਘ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।