2027 ਦੀਆਂ ਚੋਣਾਂ ਲਈ ਯੂਥ ਅਕਾਲੀ ਦਲ ਸਰਗਰਮ 2027 ਦੀਆਂ ਚੋਣਾਂ ਲਈ ਯੂਥ ਅਕਾਲੀ ਦਲ ਸਰਗਰਮ, ਜੈਤੋ ਵਿੱਚ ਵਿਸ਼ਾਲ ਰੈਲੀ
Publish Date: Mon, 02 Nov 2026 04:29 PM (IST)
Updated Date: Mon, 02 Nov 2026 04:32 PM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਪਾਰਟੀ ਨਾਲ ਜੋੜਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਯੂਥ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਗੁਰੂ ਕੀ ਢਾਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਨੌਜਵਾਨਾਂ, ਪਾਰਟੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਪੰਜਾਬ ਦੇ ਹੱਕਾਂ ਅਤੇ ਭਵਿੱਖ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਹ ਰੈਲੀ ਹਲਕਾ ਜੈਤੋ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਕਰਵਾਈ ਗਈ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨੀ ਰੁਝੇਵਿਆਂ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਪਹੁੰਚਣਾ ਰੈਲੀ ਦੀ ਖ਼ਾਸ ਗੱਲ ਰਹੀ। ਇਕੱਠ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਦੀ ਊਰਜਾ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੇ ਵਧਦੇ ਪ੍ਰਸਾਰ, ਬੇਰੁਜ਼ਗਾਰੀ, ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਹੋਣਾ ਚਿੰਤਾ ਦਾ ਵਿਸ਼ਾ ਹੈ। ਇਸ ਸਮੱਸਿਆ ਦੇ ਖਾਤਮੇ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਨੀਤੀਆਂ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲ ਹੋਣੀ ਚਾਹੀਦੀ ਹੈ। ਉਨ੍ਹਾਂ ਕਾਨੂੰਨ ਵਿਵਸਥਾ, ਮੁਲਾਜ਼ਮਾਂ ਦੇ ਲਟਕਦੇ ਮਸਲਿਆਂ, ਸਿਹਤ ਅਤੇ ਸਿੱਖਿਆ ਪ੍ਰਣਾਲੀ ਦੀ ਹਾਲਤ ਤੋਂ ਇਲਾਵਾ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਮਜ਼ਬੂਤ ਕਾਨੂੰਨ ਵਿਵਸਥਾ ਅਤੇ ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਜ਼ਰੂਰੀ ਹੈ। ਉਨ੍ਹਾਂ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪਿੰਡ ਪੱਧਰ ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਮਸਲਿਆਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ। ਇਸ ਮੌਕੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਨੇ ਦਾਅਵਾ ਕੀਤਾ ਕਿ ਅਗਲੇ ਦੋ ਮਹੀਨਿਆਂ ਅੰਦਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਜੈਤੋ ਤੋਂ ਸੂਬਾ ਸਿੰਘ ਬਾਦਲ ਦੀ ਜਿੱਤ ਯਕੀਨੀ ਬਣਾਉਣ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਸਰਬਜੀਤ ਸਿੰਘ ਝਿੰਜਰ ਸਮੇਤ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੈਲੀ ਵਿੱਚ ਹੋਈ ਵੱਡੀ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਅਤੇ ਜਥੇਬੰਦਕ ਇਕਜੁੱਟਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕਰਕੇ ਪਿੰਡ-ਪਿੰਡ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਈਆਂ ਜਾਣਗੀਆਂ। ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਨਸ਼ਿਆਂ ਦੀ ਸਮੱਸਿਆ ਵਧ ਰਹੀ ਹੈ ਅਤੇ ਦਿੱਲੀ ਤੋਂ ਆਏ ਲੁਟੇਰੇ ਟੋਲੇ ਪੰਜਾਬ ਦੇ ਸਰੋਤਾਂ ਦੀ ਆਰਥਿਕ ਲੁੱਟ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਰੈਲੀ ਦੌਰਾਨ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਟੇਜ ਸਕੱਤਰ ਦੀ ਭੂਮਿਕਾ ਮਨਪ੍ਰੀਤ ਸਿੰਘ ਬਹਿਬਲ ਨੇ ਨਿਭਾਈ। ਇਸ ਮੌਕੇ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ ਡੋਡ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ , ਸ਼੍ਰੋਮਣੀ ਅਕਾਲੀ ਦਲ ਸਰਕਲ ਬਾਜਾਖਾਨਾ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ, ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਜੂਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਔਲਖ ਰਾਮੇਆਣਾ, ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਧਾਲੀਵਾਲ ਰਾਮੇਆਣਾ, ਯੂਥ ਅਕਾਲੀ ਦਲ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਕੌਂਸਲਰ ਗੁਰਚਰਨ ਸਿੰਘ, ਕੌਂਸਲਰ ਜਸਬੀਰ ਕੌਰ ਸਿੰਗਲਾ ਪਤਨੀ ਹਰੀ ਕ੍ਰਿਸ਼ਨ ਸਿੰਗਲਾ (ਸਾਬਕਾ ਕੌਂਸਲਰ), ਕੌਂਸਲਰ ਮਮਤਾ ਰਾਣੀ ਪਤਨੀ ਰਾਧੇ ਸ਼ਾਮ ‘ਸ਼ਕਤੀ’, ਜਸਪਾਲ ਸਿੰਘ ਕਾਟਾ, ਮਾਰਸ਼ਲ ਸਿੰਘ ਪਾਲੀ ਬਾਦਲ, ਗੁਰਬੀਰ ਸਿੰਘ ਬਰਾੜ, ਬਲਦੇਵ ਸਿੰਘ ਬੱਲੀ ਢੱਲਾ , ਅਮਰਜੀਤ ਸਿੰਘ ਵਿੱਕੀ ਮੱਕੜ , ਇਕਬਾਲ ਸਿੰਘ ਗੁਰੂ ਕੀ ਢਾਬ, ਓਮ ਪ੍ਰਕਾਸ਼ ਪਟਵਾਰੀ, ਬੰਟੀ ਭਾਊ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਨੌਜਵਾਨ ਹਾਜ਼ਰ ਸਨ।